ਗੁਰੂਸਰ ਸੁਧਾਰ (ਸੰਤੋਖ ਗਿੱਲ): ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਹਾ ਕਿ ਮੋਗਾ ਵਿਚ ਸੰਘਰਸ਼ਸ਼ੀਲ ਕਿਸਾਨਾਂ ਉੱਪਰ ਕੈਪਟਨ ਸਰਕਾਰ ਦੀ ਪੁਲੀਸ ਵੱਲੋਂ ਕੀਤੇ ਵਹਿਸ਼ੀਆਨਾ ਲਾਠੀਚਾਰਜ ਨੇ ਕਿਸਾਨਾਂ ਦੀ ਹਿਤੈਸ਼ੀ ਕਹਾਉਣ ਵਾਲੀ ਕੈਪਟਨ ਸਰਕਾਰ ਦਾ ਚਿਹਰਾ ਬੇਨਕਾਬ ਕਰ ਦਿੱਤਾ ਹੈ। ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਚੱਲ ਰਹੇ ਪੱਕੇ ਮੋਰਚੇ ਉੱਪਰ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਲਾਠੀਚਾਰਜ ਦੀ ਨਿੰਦਾ ਕੀਤੀ ਹੈ। ਵਰ੍ਹਦੇ ਮੀਂਹ ਵਿਚ ਲੜੀਵਾਰ ਧਰਨੇ ਦੀ ਅਗਵਾਈ ਅਮਨਦੀਪ ਕੌਰ, ਮਹਿੰਦਰ ਕੌਰ ਅਤੇ ਸੁਖਵਿੰਦਰ ਕੌਰ ਨੇ ਕੀਤੀ। ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋਂ, ਬਲਦੇਵ ਸਿੰਘ ਧੂਰਕੋਟ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਆਗੂ ਮਨਜੀਤ ਸਿੰਘ ਗੁੱਜਰਵਾਲ, ਦਵਿੰਦਰ ਸਿੰਘ ਕਿਲ੍ਹਾ ਰਾਏਪੁਰ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸਸਤੀ ਬਿਜਲੀ ਦੇਣ ਦੇ ਵਾਅਦਿਆਂ ਦਾ ਤਾਂ ਭਾਂਡਾ ਪਹਿਲਾਂ ਹੀ ਭੱਜ ਗਿਆ ਸੀ, ਹੁਣ ਕਿਸਾਨ ਹਿਤੈਸ਼ੀ ਹੋਣ ਦਾ ਨਕਾਬ ਵੀ ਲੀਰੋ-ਲੀਰ ਹੋ ਗਿਆ ਹੈ। ਆਗੂਆਂ ਨੇ 5 ਸਤੰਬਰ ਨੂੰ ਮੁਜ਼ੱਫ਼ਰਨਗਰ ਵਿਚ ਹੋਣ ਵਾਲੀ ਮਹਾਂ ਪੰਚਾਇਤ ਦੀ ਕਾਮਯਾਬੀ ਲਈ ਕਿਸਾਨਾਂ ਨੂੰ ਵੱਡੀ ਗਿਣਤੀ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।
ਵਰ੍ਹਦੇ ਮੀਂਹ ਵਿਚ ਖ਼ੁਸ਼ਕ ਬੰਦਰਗਾਹ ਸਾਹਮਣੇ ਨਾਅਰੇਬਾਜ਼ੀ ਕਰਦੇ ਧਰਨਾਕਾਰੀ। ਫ਼ੋਟੋ – ਗਿੱਲ