ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਅਪਰੈਲ
ਇੱਥੋਂ ਦੇ ਕਰਤਾਰ ਨਗਰ ਵਿੱਚ ਗਲੀ ਨੰਬਰ-15 ਦੀ ਹੱਦ ’ਤੇ ਵਾਲਮੀਕਿ ਮੁਹੱਲੇ ਦੇ ਨਜ਼ਦੀਕ ਗੈਰ ਕਾਨੂੰਨੀ ਕਲੋਨੀ ’ਚ ਧੜੱਲੇ ਨਾਲ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਦੀ ਜਾਂਚ ਕਰਨ ਲਈ ਬਿਲਡਿੰਗ ਇੰਸਪੈਕਟਰ ਸੁਰਿੰਦਰ ਚੌਧਰੀ ਮੌਕੇ ਦਾ ਜਾਇਜ਼ਾ ਲੈਣ ਪੁੱਜੇ। ਦੱਸਣਯੋਗ ਹੈ ਕਿ ਨਾਜਾਇਜ਼ ਉਸਾਰੀ ਦਾ ਮਾਮਲਾ ਲੋਕਾਂ ਨੇ ਨਗਰ ਕੌਂਸਲ ਦੇ ਧਿਆਨ ਵਿਚ ਲਿਆਂਦਾ ਸੀ। ਹਰਨੇਕ ਸਿੰਘ, ਸੋਹਣ ਸਿੰਘ, ਨਾਜ਼ਰ ਸਿੰਘ ਨੇ ਕਿਹਾ ਕਿ ਵਾਰਡ ਦੇ ਕੌਂਸਲਰ ਦੀ ਸ਼ਹਿ ’ਤੇ ਦੁਕਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਸ ਕਾਰਨ ਕੌਂਸਲ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਸਬੰਧੀ ਬਿਲਡਿੰਗ ਬ੍ਰਾਂਚ ਇੰਸਪੈਕਟਰ ਸੁਰਿੰਦਰ ਚੌਧਰੀ ਨੇ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਇਕ ਦੁਕਾਨ ਦੀ ਉਸਾਰੀ ਕੀਤੀ ਜਾ ਰਹੀ ਸੀ, ਜਿਸ ਦਾ ਦਾ ਨਕਸ਼ਾ ਪਾਸ ਨਹੀਂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਦੁਕਾਨ ਮਾਲਕ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਬਾਕੀ ਦੁਕਾਨਾਂ ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਪਹਿਲਾ ਬਣੀਆਂ ਹੋਈਆਂ ਹਨ।ਕੌਂਸਲਰ ਹਰਦੀਪ ਸਿੰਘ ਨੀਨੂੰ ਨੇ ਕਿਹਾ ਕਿ ਨਾਜਾਇਜ਼ ਦੁਕਾਨਾਂ ਬਣਾਉਣ ਦਾ ਮਸਲਾ ਉਨ੍ਹਾਂ ਦੇ ਧਿਆਨ ਵਿਚ ਨਹੀਂ ਹੈ। ਉਨ੍ਹਾਂ ’ਤੇ ਲਾਏ ਦੋਸ਼ ਬੇਬੁਨਿਆਦ ਹਨ। ਇਸ ਸਬੰਧੀ ਜਾਂਚ ਅਧਿਕਾਰੀ ਹੀ ਦੱਸ ਸਕਦੇ ਹਨ। ਮਾਮਲੇ ਬਾਰੇ ਗੱਲਬਾਤ ਕਰਦਿਆਂ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਨੇ ਕਿਹਾ ਕਿ ਜਾਂਚ ਉਪਰੰਤ ਹੀ ਪਤਾ ਲੱਗੇਗਾ ਕਿ ਦੁਕਾਨਾਂ ਦੇ ਨਕਸ਼ੇ ਪਾਸ ਹਨ ਜਾਂ ਨਹੀਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁਤਾਹੀ ਵਰਤਣ ਵਾਲੇ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।