ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਅਕਤੂਬਰ
ਸ਼ੋਸ਼ਲ ਮੀਡੀਆ ’ਤੇ ਗੁਰੂ ਨਾਨਕ ਦੇਵ ਜੀ ਦੇ ਮਾਤਾ ਪਿਤਾ ਖਿਲਾਫ਼ ਅਪਸ਼ਬਦ ਬੋਲਣ ਵਾਲੇ ਅਨਿਲ ਅਰੋੜਾ ਤੇ ਉਸ ਦੇ ਚਾਰ ਸਾਥੀਆਂ ਦੇ ਖਿਲਾਫ਼ ਥਾਣਾ ਡਿਵੀਜ਼ਨ ਨੰ. 3 ਦੀ ਪੁਲੀਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੇਸ ਦਰਜ ਕਰ ਲਿਆ ਹੈ। ਇਹ ਮਾਮਲਾ ਪੁਲੀਸ ਨੇ ਨਿਊ ਸ਼ਿਵਾਜੀ ਨਗਰ ਵਾਸੀ ਪਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਹੈ। ਮੁਲਜ਼ਮ ਅਨਿਲ ਅਰੋੜਾ ਕਿਸੇ ਸਮੇਂ ਭਾਜਪਾ ਦਾ ਮੈਂਬਰ ਵੀ ਰਿਹਾ ਹੈ। ਕੁਝ ਸਮਾਂ ਪਹਿਲਾਂ ਪਾਰਟੀ ਵੱਲੋਂ ਉਸ ਨੂੰ ਕੱਢ ਦਿਤਾ ਗਿਆ ਸੀ। ਮੁਲਜ਼ਮ ਨੇ ਕੁਝ ਦਿਨ ਪਹਿਲਾਂ ਉਸ ਨੇ ਆਪਣੇ ਕੁਝ ਸਾਥੀਆਂ ਦੇ ਨਾਲ ਮਿਲ ਕੇ ਸ਼ੋਸ਼ਲ ਮੀਡੀਆ ’ਤੇ ਗੁਰੂ ਨਾਨਕ ਦੇਵ ਜੀ ਦੇ ਮਾਤਾ ਪਿਤਾ ਬਾਰੇ ਅਪਸ਼ਬਦ ਬੋਲ ਦਿੱਤੇ ਤੇ ਵੀਡੀਓ ਵਾਇਰਲ ਕਰ ਦਿੱਤੀ। ਸ਼ੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਜੱਥੇਬੰਦੀਆਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ। ਸਿੱਖ ਜੱਥੇਬੰਦੀਆਂ ਵੱਲੋਂ ਲਗਾਤਾਰ ਅਨਿਲ ਅਰੋੜਾ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਦੋ ਦਿਨ ਦੀ ਕਾਰਵਾਈ ਤੋਂ ਬਾਅਦ ਪੁਲੀਸ ਨੇ ਕੇਸ ਦਰਜ ਕਰ ਲਿਆ। ਏਸੀਪੀ ਸੈਂਟਰਲ ਹਰਸਿਮਰਤਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਨਿਲ ਅਰੋੜਾ ਸ਼ੋਸ਼ਲ ਮੀਡੀਆ ’ਤੇ ਜ਼ਿਆਦਾ ਐਕਟਿਵ ਹੈ। ਕੁਝ ਦਿਨ ਪਹਿਲਾਂ ਉਸ ਨੇ ਗੁਰੂ ਸਾਹਿਬ ਦੇ ਮਾਤਾ ਪਿਤਾ ਖਿਲਾਫ਼ ਅਪਸ਼ਬਦ ਲਿਖੇ ਸਨ। ਜਿਸ ਬਾਰੇ ’ਚ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਹਾਲੇ ਫ਼ਰਾਰ ਹੈ। ਉਸ ਦੀ ਤੇ ਉਸ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।