ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੂਨ
ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਵੱਖ ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਹੋਏ ਜਿਨ੍ਹਾਂ ਵਿੱਚ ਸੰਗਤ ਨੇ ਵਧ ਚੜਕੇ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰੂ ਦੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ। ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿੱਖੇ ਹੋਏ ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਅਤੇ ਜਨਰਲ ਸਕੱਤਰ ਅਵਤਾਰ ਸਿੰਘ ਨੇ ਜੱਥਿਆਂ ਨੂੰ ਸਨਮਾਨਿਤ ਕਰਦਿਆਂ ਸੰਗਤ ਦਾ ਧੰਨਵਾਦ ਕੀਤਾ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱਖੇ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ ਦੀ ਦੇਖ ਰੇਖ ਹੇਠ ਹੋਏ ਸਮਾਗਮ ਵਿੱਚ ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੀ ਬਾਣੀ ਦਾ ਰਾਗਾਂ ਵਿੱਚ ਕੀਰਤਨ ਕੀਤਾ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ, ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਦੁਰਗਾਪੁਰੀ ਵਿੱਚ ਵੀ ਇਸ ਸਬੰਧੀ ਸਮਾਗਮ ਹੋਏ। ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿੱੱਚ ਵੀ ਸਮਾਗਮ ਦੌਰਾਨ ਕੀਰਤਨੀ ਜਥਿਆਂ ਨੂੰ ਸਨਮਾਨਤ ਕੀਤਾ ਗਿਆ।
ਖੰਨਾ/ਦੋਰਾਹਾ(ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ):
ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠਾਂ ਦੇ ਭੋਗ ਉਪਰੰਤ ਕਥਾ ਵਾਚਕ ਭਾਈ ਅਵਤਾਰ ਸਿੰਘ ਨੇ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਵਾਰਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਹਰਭਜਨ ਸਿੰਘ ਤੇ ਸੁਖਵਿੰਦਰ ਸਿੰਘ ਦੇ ਜੱਥੇ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਦੁਪਹਿਰ ਉਪਰੰਤ ਦੀਵਾਨ ਸਜਾਏ ਗਏ। ਭਾਈ ਪਿਆਰਾ ਸਿੰਘ ਸਿਰਥਲਾ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਦਿਆਂ ਸਮਾਪਤੀ ਕੀਤੀ। ਇਸ ਮੌਕੇ ਅਤੁੱਟ ਲੰਗਰ ਵਰਤਾਏ ਗਏ।
ਇਸੇ ਤਰ੍ਹਾਂ ਇਥੋਂ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ, ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸੁੱਖ ਸਾਗਰ ਸਾਹਿਬ, ਗੁਰਦੁਆਰਾ ਅੰਗਦ ਸਾਹਿਬ, ਦੋਰਾਹਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ, ਗੁਰਦੁਆਰਾ ਕਲਗੀਧਰ ਸਾਹਿਬ, ਗੁਰਦੁਆਰਾ ਸ੍ਰੀ ਸਤਨਾਮ ਨਗਰ, ਗੁਰਦੁਆਰਾ ਗੋਬਿੰਦ ਸਾਗਰ, ਗੁਰਦੁਆਰਾ ਦਮਦਮਾ ਸਾਹਿਬ, ਗੁਰਦੁਆਰਾ ਸ੍ਰੀ ਸੁੰਦਰ ਨਗਰ ਅਤੇ ਇਤਿਹਾਸਕ ਅਸਥਾਨ ਗੁਰਦੁਆਰਾ ਦੇਗਸਰ ਸਹਬਿ ਵਿਖੇ ਵੀ ਸੰਗਤਾਂ ਨੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ।
101 ਬੂਟੇ ਲਗਾ ਕੇ ਹਰਿਆਵਲ ਮੁਹਿੰਮ ਦੀ ਸ਼ੁਰੂਆਤ
ਰਾਏਕੋਟ (ਪੱਤਰ ਪ੍ਰੇਰਕ): ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸੂਬੇ ’ਚ ਛਾਂਦਾਰ, ਫਲਦਾਰ, ਫੁੱਲਦਾਰ ਬੂਟੇ ਲਗਾ ਕੇ ਹਰਿਆਵਲ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਸਥਾਨਕ ਸ਼ਹਿਰ ਦੇ ਇਤਿਹਾਸਿਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ ਦਸਵੀਂ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਦੀ ਅਗਵਾਈ ’ਚ 101 ਬੂਟੇ ਲਗਾਏ ਗਏ। ਇਸ ਮੌਕੇ ਸਾਬਕਾ ਵਿਧਾਇਕ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਕਿਹਾ ਕਿ ਦੂਸ਼ਿਤ ਹੋ ਚੁੱਕੇ ਵਾਤਾਵਰਣ ਦੀ ਸ਼ੁੱਧਤਾ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਦੇ ਮਕਸ਼ਦ ਨਾਲ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਰਿਆਵਲ ਮੁਹਿੰਮ ਸ਼ੁਰੂ ਕੀਤੀ। ਇਸ ਮੌਕੇ ਉਨ੍ਹਾਂ ਪਾਰਟੀ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਹਰ ਵਰਕਰ ਆਪਣੇ ਪਿੰਡ ਵਿੱਚ 11-11 ਬੂਟੇ ਲਗਾਵੇ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਬੂਟੇ ਲਗਾਉਣੇ ਹਨ ਤਾਂ ਉਹ ਉਨ੍ਹਾਂ ਤੋਂ ਲਿਜਾ ਵੀ ਸਕਦਾ ਹੈ।