ਸੰਤੋਖ ਗਿੱਲ
ਗੁਰੂਸਰ ਸੁਧਾਰ, 19 ਨਵੰਬਰ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਵਿੱਚ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਬਰਤਾਨਵੀ ਬਸਤੀਵਾਦੀ ਸਾਮਰਾਜ ਵੱਲੋਂ ਮਹਾਨ ਗ਼ਦਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ ਛੇ ਹੋਰ ਗ਼ਦਰੀ ਸੂਰਬੀਰਾਂ ਦੀ ਸ਼ਹਾਦਤ ਨੂੰ ਸਮਰਪਿਤ ਰੈਲੀ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ ਦੀ ਕੌਮੀ ਸਕੱਤਰੇਤ ਮੈਂਬਰ ਐਨੀ ਰਾਜਾ ਨੇ ਸਿਹਤ, ਸਿੱਖਿਆ, ਰੁਜ਼ਗਾਰ, ਸਮਾਜਿਕ-ਆਰਥਿਕ ਨਿਆਂ, ਔਰਤਾਂ ਦੇ ਅਧਿਕਾਰਾਂ ਅਤੇ ਸੁਰੱਖਿਆ, ਦਲਿਤਾਂ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਅਤੇ ਲੋਕਾਂ ਦੇ ਮੁੱਦਿਆਂ ਨੂੰ ਹੱਲ ਕਰਨ ਵਿੱਚ ਮੋਦੀ ਸਰਕਾਰ ਨੂੰ ਫੇਲ੍ਹ ਦੱਸਿਆ। ਉਨ੍ਹਾਂ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਕਾਲਤ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਨਾਲ ਮਿਲੀਭੁਗਤ ਕਰ ਕੇ ਦੇਸ਼ ਦੇ ਸੰਵਿਧਾਨ ਦਾ ਵੀ ਅਪਮਾਨ ਕਰ ਰਹੀ ਹੈ।
ਕਾਮਰੇਡ ਐਨੀ ਰਾਜਾ ਨੇ ਕਿਹਾ ਕਿ ਦੇਸ਼ ਵਿੱਚ ਬੇਰੁਜ਼ਗਾਰੀ ਭਿਆਨਕ ਹੱਦ ਤੱਕ ਵੱਧ ਗਈ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕੇਂਦਰੀ ਹਕੂਮਤ ਵੱਲੋਂ ਕੇਂਦਰੀ ਜਾਂਚ ਏਜੰਸੀ ਅਤੇ ਰਾਜ ਮਸ਼ੀਨਰੀ ਦੀ ਦੁਰਵਰਤੋਂ ਕਰ ਕੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਧਰੁਵੀਕਰਨ ਕਰ ਕੇ ਘੱਟ ਗਿਣਤੀਆਂ ਨੂੰ ਨਿਸ਼ਾਨਾਂ ਬਣਾਇਆ ਜਾ ਰਿਹਾ ਹੈ।
ਹੋਰਨਾ ਤੋਂ ਇਲਾਵਾ ਕਾਮਰੇਡ ਗੁਲਜ਼ਾਰ ਸਿੰਘ ਗੋਰੀਆ, ਸੂਬਾਈ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਨੇ ਕਿਹਾ ਕਿ ਮਜ਼ਦੂਰਾਂ ਉਪਰ ਹਮਲੇ ਵੱਧ ਰਹੇ ਹਨ ਅਤੇ ਫ਼ਿਰਕਾਪ੍ਰਸਤ ਤਾਕਤਾਂ ਵੱਲੋਂ ਹਿੰਦੂ ਰਾਸ਼ਟਰ ਬਣਾਉਣ ਦੀ ਵਕਾਲਤ ਕੀਤੀ ਜਾ ਰਹੀ ਹੈ।