ਸੰਤੋਖ ਗਿੱਲ
ਗੁਰੂਸਰ ਸੁਧਾਰ, 2 ਜੁਲਾਈ
ਪਿੰਡ ਕੋਟ ਆਗਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਰੋਡ ਸੰਘਰਸ਼ ਕਮੇਟੀ ਵੱਲੋਂ ਲਾਇਆ ਪੱਕਾ ਮੋਰਚਾ 7ਵੇਂ ਦਿਨ ਵੀ ਜਾਰੀ ਰਿਹਾ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਬਲਾਕ ਦੋਰਾਹਾ ਦੇ ਪ੍ਰਧਾਨ ਪਰਮਵੀਰ ਸਿੰਘ ਘਲੋਟੀ ਨੇ ਕਿਹਾ ਕਿ ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਦੇ ਘਰ ਭਰਨ ਲਈ ਜ਼ਮੀਨਾਂ ਜਬਰੀ ਗ੍ਰਹਿਣ ਕਰ ਕੇ ਕਿਸਾਨਾਂ ਨੂੰ ਭਿਖਾਰੀ ਬਣਾਉਣ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਮਨਸੂਬੇ ਕਿਸੇ ਸੂਰਤ ਪੂਰੇ ਨਹੀਂ ਹੋਣ ਦਿਆਂਗੇ।
ਕਿਸਾਨ ਆਗੂ ਕੁਲਵਿੰਦਰ ਸਿੰਘ ਪ੍ਰਧਾਨ ਮਾਲੇਰਕੋਟਲਾ, ਕੁਲਦੀਪ ਸਿੰਘ ਗੁੱਜਰਵਾਲ, ਜਸਵੀਰ ਸਿੰਘ ਕੋਟ ਆਗਾ, ਰਣਜੀਤ ਕੌਰ ਕੋਟ ਆਗਾ ਅਤੇ ਹਰਪ੍ਰੀਤ ਕੌਰ ਗੁੱਜਰਵਾਲ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੱਕ ਉਜਾੜੇ ਦੀ ਮਾਰ ਹੇਠ ਆਏ ਪੀੜਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜ਼ਮੀਨ ਗ੍ਰਹਿਣ, ਮੁੜ ਵਸੇਬਾ ਅਤੇ ਪੁਨਰਵਾਸ ਕਾਨੂੰਨ 2013 ਤਹਿਤ ਪਾਰਦਰਸ਼ੀ ਢੰਗ ਨਾਲ ਉੱਚਿਤ ਮੁਆਵਜ਼ਾ ਨਹੀਂ ਮਿਲਦਾ ਉਸ ਸਮੇਂ ਤੱਕ ਸੰਘਰਸ਼ ਜਾਰੀ ਰਹੇਗਾ।