ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਦਸੰਬਰ
ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਮੌਕੇ ਵੱਖ-ਵੱਖ ਗੁਰੂਘਰਾਂ ਵਿੱਚ ਗੁਰਮਤਿ ਸਮਾਗਮ ਹੋਏ। ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਹੋਏ ਸਮਾਗਮ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ, ਬਾਣੀ ਅਤੇ ਸ਼ਹਾਦਤ ਉੱਪਰ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਜਬਰ-ਜ਼ੁਲਮ ਖ਼ਿਲਾਫ਼ ਆਪਣੀ ਸ਼ਹਾਦਤ ਦਿੱਤੀ ਸੀ, ਜਿਸ ਦੀ ਦੁਨੀਆਂ ਵਿੱਚ ਕੋਈ ਮਿਸਾਲ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਤੇਗ ਬਹਾਦਰ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਸੇਵਾਦਾਰ ਪ੍ਰਿਤਪਾਲ ਸਿੰਘ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਇਸੇ ਤਰ੍ਹਾਂ ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਗੁਰਦੁਆਰਾ ਕਲਗੀਧਰ ਸਿੰਘ ਸਭਾ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ, ਗੁਰਦੁਆਰਾ ਸਰਾਭਾ ਨਗਰ, ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁੱਗਰੀ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿੱਖੇ ਵੀ ਸਮਾਗਮ ਹੋਏ ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਰਾਗੀ ਜੱਥਿਆਂ ਨੇ ਗੁਰੂ ਜੱਸ ਸੁਣਾਕੇ ਸੰਗਤ ਨੂੰ ਨਿਹਾਲ ਕੀਤਾ।
ਨਗਰ ਕੀਰਤਨ ਸਜਾਇਆ
ਰਾਏਕੋਟ (ਪੱਤਰ ਪ੍ਰੇਰਕ): ਗੁਰੂ ਤੇਗ ਬਹਾਦਰ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬੇ ਸ਼ਹੀਦਾਂ ਪਿੰਡ ਬੱਸੀਆਂ ਦੀ ਪ੍ਰਬੰਧਕੀ ਕਮੇਟੀ ਵੱਲੋਂ ਨਗਰ ਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਸੰਗਤ ਵੱਲੋਂ ਵੱਖ-ਵੱਖ ਪੜਾਵਾਂ ’ਤੇ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਪ੍ਰਸਿੱਧ ਢਾਡੀ ਜਥਾ ਹਰਦੀਪ ਸਿੰਘ ਬੱਲੋਵਾਲ ਨੇ ਸੰਗਤ ਨੂੰ ਮਹਾਨ ਯੋਧਿਆਂ, ਸੂਰਬੀਰਾਂ ਦੀਆਂ ਵਾਰਾਂ ਸੁਣਾ ਕੇ ਨਿਹਾਲ ਕੀਤਾ।