ਜਗਰਾਉਂ: ਨੇੜਲੇ ਪਿੰਡ ਕਮਾਲਪੁਰਾ ਸਥਿਤ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ ਵਿਚ ਅੱਜ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਬਲਵੰਤ ਸਿੰਘ ਸੰਧੂ ਦੀ ਅਗਵਾਈ ‘ਚ ਸ਼ਹੀਦ-ਏ-ਆਜ਼ਮ ਦੀ ਦੇਣ ਨੂੰ ਯਾਦ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਵੱਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸਬੰਧਿਤ ਕੋਰੀਓਗਰਾਫੀ, ਗੀਤ, ਕਵਿਤਾਵਾਂ, ਭਾਸ਼ਣ ਅਤੇ ਵਾਰਾਂ ਪੇਸ਼ ਕੀਤੀਆਂ ਗਈਆਂ। ਸ੍ਰੀ ਸੰਧੂ ਨੇ ਵਿਦਿਆਰਥਣਾਂ ਨੂੰ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਸੁਫ਼ਨਿਆਂ ਦਾ ਭਾਰਤ ਸਿਰਜੀਏ। ਮੈਨੇਜਮੈਂਟ ਦੇ ਮੀਤ ਪ੍ਰਧਾਨ ਅਮਰਜੀਤ ਸਿੰਘ ਹੰਸਰਾ, ਸਕੱਤਰ ਮਲਕੀਅਤ ਸਿੰਘ ਰਾਜਲ, ਦਰਸ਼ਨ ਸਿੰਘ ਹੰਸਰਾ, ਸ਼ੇਰ ਸਿੰਘ ਹੰਸਰਾ, ਅਵਤਾਰ ਸਿੰਘ ਚੀਮਾ ਨੇ ਵੀ ਵਿਦਿਆਰਥਣਾਂ ਨੂੰ ਸ਼ਹੀਦਾਂ ਦੇ ਪੂਰਨਿਆਂ ’ਤੇ ਚੱਲਣ ਲਈ ਪ੍ਰੇਰਿਆ। -ਨਿੱਜੀ ਪੱਤਰ ਪ੍ਰੇਰਕ