ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 7 ਜੁਲਾਈ
ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵੱਲੋਂ ਅੱਜ ਇੱਥੇ ਸਥਾਨਕ 32 ਸੈਕਟਰ ਚੰਡੀਗੜ੍ਹ ਰੋਡ ਵਰਧਮਾਨ ਵਿੱਚ ਜ਼ੱਚਾ-ਬੱਚਾ ਹਸਪਤਾਲ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਲੁਧਿਆਣਾ ਡਾ. ਐੱਸ.ਪੀ. ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਵਿਧਾਇਕ ਭੋਲਾ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਹਸਪਤਾਲ ਦੇ ਅਮਲੇ ਵੱਲੋਂ ਅਕਸਰ ਮਰੀਜ਼ਾਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਹੈ, ਬਿਜਲੀ ਬੰਦ ਹੋਣ ’ਤੇ ਜਨਰੇਟਰ ਨਹੀਂ ਚਲਾਇਆ ਜਾਂਦਾ ਅਤੇ ਸਾਫ਼-ਸਫ਼ਾਈ ਦੇ ਪੁਖਤਾ ਪ੍ਰਬੰਧ ਨਹੀਂ ਹਨ ਜਿਸ ਤਹਿਤ ਉਨ੍ਹਾਂ ਅੱਜ ਅਚਨਚੇਤ ਚੈਕਿੰਗ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਸਿਹਤ ਅਮਲੇ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਖੱਜਲ ਖੁਆਰ ਨਾ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਲੋੜੀਂਦੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਵਾਧੂ ਮੈਨ ਪਾਵਰ ਰਾਹੀਂ ਢੁੱਕਵੀਂ ਸਫ਼ਾਈ ਵਿਵਸਥਾ ਵੀ ਕਾਇਮ ਕੀਤੀ ਜਾਵੇ। ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਇਸ ਚੈਕਿੰਗ ਦੌਰਾਨ ਮਿਲੀਆਂ ਖਾਮੀਆਂ ਨੂੰ ਵੀ ਜਲਦੀ ਦਰੁੱਸਤ ਕਰਨ ਦੇ ਨਿਰਦੇਸ਼ ਦਿੱਤੇ।