ਗਗਨਦੀਪ ਅਰੋੜਾ
ਲੁਧਿਆਣਾ, 29 ਦਸੰਬਰ
ਸਨਅਤੀ ਸ਼ਹਿਰ ਲੁਧਿਆਣਾ ’ਚ ਵੱਡੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮੰਤਵ ਲਈ ਕਰੋੜਾਂ ਰੁਪਏ ਦੇ ਨਵੇਂ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ ਅਤੇ ਚੱਲ ਰਹੇ ਪ੍ਰਾਜੈਕਟ ਸਮਾਂਬੱਧ ਢੰਗ ਨਾਲ ਮੁਕੰਮਲ ਕੀਤੇ ਜਾਣਗੇ। ਜ਼ਿਲ੍ਹੇ ਦੇ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਨਅਤੀ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਹਰਾ-ਭਰਾ ਬਣਾਉਣ ਲਈ 28.91 ਕਰੋੜ ਰੁਪਏ ਦੀ ਲਾਗਤ ਨਾਲ ਬੂਟੇ ਲਗਾਉਣ ਦੇ 46 ਪ੍ਰਾਜੈਕਟ ਵਿਚਾਰੇ ਗਏ ਹਨ, ਜਿਨ੍ਹਾਂ ’ਚੋਂ 14.18 ਕਰੋੜ ਰੁਪਏ ਦੇ 19 ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਮਾਰਟ ਸਿਟੀ ਸਕੀਮ ਤਹਿਤ 930 ਕਰੋੜ ਰੁਪਏ ਦੇ 72 ਪ੍ਰਾਜੈਕਟ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 219 ਕਰੋੜ ਰੁਪਏ ਦੇ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ 549.10 ਕਰੋੜ ਰੁਪਏ ਦੇ ਪ੍ਰਾਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ 161.90 ਰੁਪਏ ਦੇ ਪ੍ਰਾਜੈਕਟਾਂ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਗਏ ਹਨ। ਉਨ੍ਹਾਂ ਕਿਹਾ ਕਿ ਕਮਿਊਨਿਟੀ ਕਲੱਬ, ਸੀਨੀਅਰ ਸਿਟੀਜ਼ਨ ਕਲੱਬ ਤੇ ਸਿਲਾਈ ਸੈਂਟਰ, ਸੈਕਟਰ 32, ਸੈਕਟਰ 32-ਏ ਸਿਹਤ ਕੇਂਦਰ (ਸਪੋਰਟਸ ਸੈਂਟਰ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 32, ਸਵੀਮਿੰਗ ਪੂਲ ਤੇ ਪੰਪ ਚੈਂਬਰ ਅਤੇ ਫੇਜ਼-3 ਅਰਬਨ ਅਸਟੇਟ ਤੋਂ ਜੈਨ ਮੰਦਰ ਦੁੱਗਰੀ ਤੱਕ 200 ਫੁੱਟੀ ਚੌੜੀ ਸੜਕ ਦੀ ਉਸਾਰੀ ਦਾ ਕੰਮ ਵੀ ਜ਼ੋਰਾਂ ’ਤੇ ਚੱਲ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਲੁਧਿਆਣਾ-ਧੂਰੀ ਰੇਲਵੇ ਲਾਈਨ ’ਤੇ 25.69 ਕਰੋੜ ਰੁਪਏ ਦੀ ਲਾਗਤ ਨਾਲ ਆਰਓਬੀ ਦੀ ਉਸਾਰੀ ਅਤੇ ਪਹੁੰਚ ਸੜਕਾਂ ਬਣਾਉਣ ਦਾ ਕੰਮ ਵੀ ਅਲਾਟ ਕੀਤਾ ਗਿਆ ਹੈ। ਲੁਧਿਆਣਾ ਦੇ ਵਸਨੀਕਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਿੰਡ ਖਵਾਜਕੇ ਤੋਂ ਮੱਤੇਵਾੜਾ ਤੱਕ ਰਾਹੋਂ ਰੋਡ ਦੇ 16 ਕਿਲੋਮੀਟਰ ਹਿੱਸੇ ਦੀ ਰੀ-ਕਾਰਪੈਟਿੰਗ ਦਾ ਕੰਮ, ਜੋ ਪਿਛਲੇ 15 ਸਾਲਾਂ ਤੋਂ ਨਹੀਂ ਹੋਇਆ, ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸ਼ੁਰੂ ਕਰ ਦਿੱਤਾ ਜਾਵੇਗਾ ਕਿਉਂਕਿ ਇਸ ਲਈ ਟੈਂਡਰ ਅਲਾਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਲੁਧਿਆਣਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ।
ਭਗਵੰਤ ਸਿੰਘ ਮਾਨ ਨੇ ਭਰੋਸਾ ਦਿਵਾਇਆ ਕਿ ਉਹ ਸਾਰੇ ਕੰਮਾਂ ਦੀ ਖੁਦ ਨਿਗਰਾਨੀ ਕਰਨਗੇ ਤਾਂ ਜੋ ਸ਼ਹਿਰ ਦੇ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾ ਸਕੇ।
ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਮੁੱਖ ਮੰਤਰੀ ਨੇ ਲੁਧਿਆਣਾ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ 1500 ਸਟਰੀਟ ਲਾਈਟਾਂ ਅਤੇ ਸੀਸੀਟੀਵੀ ਕੈਮਰੇ ਲਗਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਟੈਂਡਰ ਜਾਰੀ ਹੋ ਚੁੱਕੇ ਹਨ ਅਤੇ ਜਲਦੀ ਹੀ ਕੰਮ ਅਲਾਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਦਾ ਮਸਲਾ ਵੀ ਜਲਦੀ ਹੱਲ ਕਰ ਲਿਆ ਜਾਵੇਗਾ ਅਤੇ ਜਲੰਧਰ ਸੜਕ ਨੂੰ ਜੋੜਨ ਵਾਲੇ ਨਾਲੇ ’ਤੇ ਬਣੇ ਪੁਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ।