ਦੇਵਿੰਦਰ ਸਿੰਘ ਜੱਗੀ
ਪਾਇਲ/ਰੱਬੋਂ ਉੱਚੀ, 9 ਦਸੰਬਰ
ਪਿੰਡ ਰੱਬੋਂ ਉੱਚੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜੰਗੇ ਆਜ਼ਾਦੀ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਬੁੱਤ ਦਾ ਉਦਘਾਟਨ ਕਰਨ ਤੋਂ ਬਾਅਦ ਉਨ੍ਹਾਂ ਦੇ ਪਿੰਡ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਵੀ ਟੇਕਿਆ। ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਵਿਧਾਇਕ ਲਖਵੀਰ ਸਿੰਘ ਲੱਖਾ, ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ,ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਦੀ ਜੰਗ ਦੇ ਇਸ ਪਹਿਲੇ ਸ਼ਹੀਦ ਦੁਆਰਾ ਦਿਖਾਏ ਰਸਤੇ ਉੱਤੇ ਚੱਲਣ ਲਈ ਕਿਹਾ,ਜੋ ਇਕ ਮਹਾਨ ਕ੍ਰਾਂਤੀਕਾਰੀ ਸਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ 1857 ਦੇ ਵਿਦਰੋਹ ਨੂੰ ਦੇਸ਼ ਦੀ ਆਜ਼ਾਦੀ ਦੀ ਜੰਗ ਦੀ ਸ਼ੁਰੂਆਤ ਵਜੋਂ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ ਪਰ ਇਤਿਹਾਸ ਨੇ ਇਹ ਸਾਬਿਤ ਕਰ ਦਿੱਤਾ ਕਿ ਬਾਬਾ ਮਹਾਰਾਜ ਸਿੰਘ ਨੇ ਉਸੇ ਸਮੇਂ ਦੇਸ਼ ਨੂੰ ਆਜ਼ਾਦ ਕਰਾਉਣ ਲਈ ਸੰਘਰਸ਼ ਸ਼ੁਰੂ ਕਰ ਦਿੱਤਾ ਸੀ ਜਦੋਂ ਉਨ੍ਹਾਂ ਨੇ ਆਖਰੀ ਸਿੱਖ ਹੁਕਮਰਾਨ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਛੁਡਾਉਣ ਦੀ ਕੋਸ਼ਿਸ਼ ਕੀਤੀ ਸੀ ਪਰ, ਅੰਗਰੇਜ਼ਾਂ ਨੂੰ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤੀ ਗਈ ਯੋਜਨਾਬੰਦੀ ਦੀ ਸੂਹ ਮਿਲ ਗਈ ਜਿਸ ਦੇ ਸਿੱਟੇ ਵਜੋਂ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਨੂੰ ਕੈਦ ਕਰ ਕੇ ਸਿੰਗਾਪੁਰ ਭੇਜ ਦਿੱਤਾ, ਜਿੱਥੇ ਬਾਬਾ ਮਹਾਰਾਜ ਸਿੰਘ ਜੀ ਕਈ ਤੰਗੀਆਂ ਨਾਲ ਜੂਝਦੇ ਹੋਏ 5 ਜੁਲਾਈ, 1856 ਨੂੰ ਸ਼ਹੀਦ ਹੋ ਗਏ। ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੁੱਖ ਮੰਤਰੀ ਨੇ ਕੋਵਿਡ-19 ਦੀ ਮਹਾਮਾਰੀ ਦੌਰਾਨ ਸ਼ਲਾਘਾਯੋਗ ਕੰਮ ਕਰਨ ਲਈ ਧਾਰਮਿਕ ਸ਼ਖ਼ਸੀਅਤਾਂ ਨੂੰ ਪ੍ਰਮਾਣਪੱਤਰ ਦੇ ਕੇ ਸਨਮਾਨਿਤ ਵੀ ਕੀਤਾ। ਹੈਲੀਪੈਡ ਵਾਪਸ ਜਾਂਦੇ ਸਮੇਂ ਮੁੱਖ ਮੰਤਰੀ ਨੂੰ ਸੜਕ ਦੇ ਨਾਲ ਖੜ੍ਹੇ ਕੁਝ ਲੋਕ ਦਿਸੇ। ਆਪਣੇ ਕਾਫ਼ਲੇ ਨੂੰ ਕੁਝ ਦੇਰ ਲਈ ਰੁਕਣ ਦਾ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਨੇ ਇਨ੍ਹਾਂ ਨਿਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਵੀ ਦਿਵਾਇਆ।