ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਜੂਨ
ਇਥੇ 1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਨੇ ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ। ਅੱਜ ਇੱਥੇ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਘਰ-ਘਰ ਨੌਕਰੀ ਤਾਂ ਕਿਸੇ ਨੂੰ ਮਿਲੀ ਨਹੀਂ ਪ੍ਰੰਤੂ ਕਾਂਗਰਸੀਆਂ ਦੇ ਬੱਚਿਆਂ ਨੂੰ ਜ਼ਰੂਰ ਮਹੱਤਵਪੂਰਨ ਨੌਕਰੀਆਂ ਦੇ ਦਿੱਤੀਆਂ ਗਈਆਂ ਹਨ। ਜਿਸ ਵਿੱਚ ਕਾਂਗਰਸੀ ਮੈਂਬਰ ਪਾਰਲੀਮੈਂਟ ਅਤੇ ਵਿਧਾਇਕ ਹਨ। ਉਨ੍ਹਾਂ ਕਿਹਾ ਕਿ ਦੰਗਾ ਪੀੜਤ ਪਰਿਵਾਰਾਂ ਨੂੰ ਨਾ ਤਾਂ ਅੱਜ ਤੱਕ ਇਨਸਾਫ਼ ਮਿਲਿਆ ਹੈ ਅਤੇ ਨਾ ਹੀ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਦੰਗਾ ਪੀੜਤ ਪਰਿਵਾਰਾਂ ਦੇ ਬੱਚੇ ਰੁਜ਼ਗਾਰ ਨਾ ਮਿਲਣ ਕਾਰਨ ਅੱਜ ਗਲੀ-ਗਲੀ ਰੋਜ਼ਾਨਾ ਇਸਤੇਮਾਲ ਹੋਣ ਵਾਲੇ ਉਤਪਾਦ ਵੇਚ ਕੇ ਗੁਜ਼ਾਰਾ ਕਰਨ ਅਤੇ ਦਰ ਦਰ ਦੀਆਂ ਠੋਕਰਾਂ ਖਾਣ ਨੂੰ ਮਜ਼ਬੂਰ ਹਨ। ਉਨਾਂ ਮੰਗ ਕੀਤੀ ਹੈ ਕਿ ਰਾਜਨੀਤਕ ਫ਼ਾਇਦੇ ਲਈ ਕੈਪਟਨ ਸਰਕਾਰ ਵੱਲੋਂ ਕੀਤੀਆਂ ਗਈਆਂ ਵਿਧਾਇਕ ਪੁੱਤਰਾਂ ਦੀਆਂ ਦੋਵੇਂ ਨੌਕਰੀਆਂ ਨੂੰ ਰੱਦ ਕਰਕੇ ਅਤੇ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਪ੍ਰਬੰਧ ਕੀਤੇ ਜਾਣ।