ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਸਤੰਬਰ
ਪਲਸ ਪੋਲੀਓ ਮੁਹਿੰਮ ਦਾ ਪੰਜ ਦਿਨਾਂ ਦੌਰ 26 ਤੋਂ 30 ਸਤੰਬਰ ਤੱਕ ਸ਼ੁਰੂ ਹੋਵੇਗਾ ਜਿਸ ਵਿੱਚ ਜ਼ਿਲ੍ਹੇ ਦੇ 356918 ਬੱਚੇ ਕਵਰ ਕੀਤੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨੇ ਅੱਜ ਇੱਥੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਸ ਮੁਹਿੰਮ ਦੌਰਾਨ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾ ਪਿਲਾਈਆਂ ਜਾਣਗੀਆਂ ਜਿਸ ਤਹਿਤ 1667 ਟੀਮਾਂ ਵੱਲੋਂ 860274 ਘਰਾਂ ਦਾ ਦੌਰਾ ਕੀਤਾ ਜਾਵੇਗਾ। ਡੀਸੀ ਨੇ ਦੱਸਿਆ ਕਿ ਸਿਹਤ ਵਿਭਾਗ ਨੇ 1667 ਟੀਮਾਂ ਦਾ ਗਠਨ ਕੀਤਾ ਹੈ ਜਿਨ੍ਹਾਂ ਵਿੱਚ 1492 ਘਰ-ਘਰ ਟੀਮਾਂ, 57 ਟ੍ਰਾਂਜਿਟ ਟੀਮਾਂ ਅਤੇ 118 ਮੋਬਾਈਲ ਟੀਮਾਂ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ’ਤੇ ਸਥਾਈ ਕੈਂਪ ਲਾਏ ਜਾਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਅਤੇ ਸਿਵਲ ਸਰਜਨ ਡਾ. ਕਿਰਨ ਗਿੱਲ ਹਾਜ਼ਰ ਸਨ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਅੱਜ ਇਥੇ ਸੀਨੀਅਰ ਮੈਡੀਕਲ ਅਫ਼ਸਰ ਡਾ.ਰਵੀ ਦੱਤ ਨੇ ਦੱਸਿਆ ਕਿ ਮਾਈਗ੍ਰੇਟਰੀ ਪਲੱਸ ਪੋਲੀਓ ਅਧੀਨ ਪੰਜ ਸਾਲ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ 26 ਸਤੰਬਰ ਤੋਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਲਈ 22 ਮੋਬਾਈਲ ਟੀਮਾਂ ਦਾ ਗਠਨ ਕੀਤਾ ਗਿਆ ਹੈ।