ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 24 ਦਸੰਬਰ
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਘਟਨਾ ਵਾਪਰੇ ਨੂੰ ਕਰੀਬ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਖ਼ਬਾਰਾਂ ਵਿਚ ਆਪਣੀਆਂ ਫੋਟੋਆਂ ਲਗਾ ਕੇ ਇਸ਼ਤਿਹਾਰ ਪ੍ਰਕਾਸ਼ਿਤ ਕਰ ਰਿਹਾ ਹੈ ਜਦਕਿ ਲੋੜ ਤਾਂ ਬੇਅਦਬੀ ਕਰਨ ਵਾਲਿਆਂ ਦੀਆਂ ਫੋਟੋਆਂ ਲਗਾ ਕੇ ਉਨ੍ਹਾਂ ਦੀ ਪਛਾਣ ਕਰਵਾਉਣ ਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਅੱਜ ਇੱਥੇ ਸਾਬਕਾ ਕੌਂਸਲਰ ਤੇ ਅਕਾਲੀ ਆਗੂ ਅਸ਼ੋਕ ਸੂਦ ਦੇ ਗ੍ਰਹਿ ਵਿੱਚ ਗੱਲਬਾਤ ਕਰਦਿਆਂ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਲੁਧਿਆਣਾ ਵਿੱਚ ਬੰਬ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜੋ ਬਿਆਨ ਦਿੱਤਾ ਕਿ ਜਿਸ ਦਿਨ ਤੋਂ ਨਸ਼ਿਆਂ ਖਿਲਾਫ਼ ਕਾਰਵਾਈ ਆਰੰਭੀ ਹੈ ਉਸ ਦਿਨ ਤੋਂ ਬਾਅਦ ਬੇਅਦਬੀ ਅਤੇ ਬੰਬ ਧਮਾਕੇ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਕਿ ਬੜਾ ਹੋਛਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਜਿੰਨਾ ਕੱਦ ਹੈ ਉਸ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ ਕਿ ਉਹ ਦੇਸ਼ ਵਿਰੋਧੀ ਤਾਕਤਾਂ ਨੂੰ ਕਲੀਨ ਚਿੱਟ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਏਜੰਸੀਆਂ ਜਿਸ ’ਚ ਐੱਨਆਈਏ. ਤੇ ਹੋਰ ਵੱਲੋਂ ਲੁਧਿਆਣਾ ਬੰਬ ਕਾਂਡ ਦੀ ਜਾਂਚ ਅਜੇ ਸ਼ੁਰੂ ਵੀ ਨਹੀਂ ਕੀਤੀ ਅਤੇ ਮੁੱਖ ਮੰਤਰੀ ਚੰਨੀ ਨੇ ਅਜਿਹਾ ਬਿਆਨ ਦੇ ਕੇ ਲੋਕਾਂ ਵਿਚ ਆਪਣਾ ਵਜ਼ੂਦ ਖਤਮ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਨੇ ਆਪਣੇ ਸਿਆਸੀ ਵਿਰੋਧੀ ’ਤੇ ਹਮਲਾ ਕਰਨ ਲਈ ਘਟੀਆ ਰਾਜਨੀਤੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਬੜਾ ਗੈਰ-ਜ਼ਿੰਮੇਵਾਰ ਹੈ ਜਿਸ ਨੂੰ ਆਪਣੀ ਜ਼ਿੰਮੇਵਾਰੀ ਦਾ ਹੀ ਅਹਿਸਾਸ ਨਹੀਂ। ‘ਆਪ’ ’ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਜੋ 117 ਉਮੀਦਵਾਰ ਐਲਾਨੇ ਸਨ ਉਨ੍ਹਾਂ ’ਚੋਂ 60 ਤੋਂ ਵੱਧ ਪਾਰਟੀ ਛੱਡ ਕੇ ਜਾ ਚੁੱਕੇ ਹਨ ਅਤੇ ਜੋ ਵਿਧਾਇਕ ਜਿੱਤੇ ਵੀ ਸਨ ਉਨ੍ਹਾਂ ’ਚੋਂ 11 ਹੋਰਨਾਂ ਪਾਰਟੀਆਂ ਵਿਚ ਸ਼ਾਮਲ ਹੋ ਚੁੱਕੇ ਹਨ। ਇਸ ਲਈ ਲੋਕਾਂ ਨੂੰ ਪਤਾ ਲੱਗ ਗਿਆ ਹੈ ਕਿ ‘ਆਪ’ ਦਾ ਮੁਖੀ ਅਰਵਿੰਦ ਕੇਜਰੀਵਾਲ ਜੋ ਲੋਕਾਂ ਨੂੰ ਗਾਰੰਟੀਆਂ ਦੇ ਰਿਹਾ ਹੈ ਉਸ ਦੇ ਨਾਲ ਪਾਰਟੀ ਆਗੂਆਂ ਦੀ ਹੀ ਗਾਰੰਟੀ ਨਹੀਂ ਕਿ ਉਹ ਭਵਿੱਖ ’ਚ ਉਸ ਨਾਲ ਰਹਿਣਗੇ ਜਾਂ ਨਹੀਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਪੀਏਸੀ ਮੈਂਬਰ ਉਜਾਗਰ ਸਿੰਘ ਬੈਨੀਪਾਲ, ਰਜਿੰਦਰ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਰੁਪਿੰਦਰ ਸਿੰਘ ਬੈਨੀਪਾਲ, ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਹਰਜਤਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ।