ਖੇਤਰੀ ਪ੍ਰਤੀਨਿਧ
ਲੁਧਿਆਣਾ, 20 ਸਤੰਬਰ
ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲਿਆਂ ਨੂੰ ਵਧਾਉਣ ਲਈ ਨਵੇਂ ਵਿਦਿਆਰਥੀਆਂ ਤੋਂ ਕਿਸੇ ਵੀ ਤਰ੍ਹਾਂ ਦੇ ਸਰਟੀਫਿਕੇਟ ਦੀ ਮੰਗ ਨਾ ਕਰਨ ਦੇ ਉੱਚ ਅਧਿਕਾਰੀਆਂ ਦੇ ਹੁਕਮ ਨੂੰ ਟਿੱਚ ਸਮਝਦਿਆਂ ਕਈ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਸਰਟੀਫਿਕੇਟ ਦੀ ਮੰਗ ਕਰਕੇ ਉਨ੍ਹਾਂ ਦੀ ਖੱਜਲ ਖੁਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਸ਼ਿਕਾਇਤ ਮਿਲਣ ’ਤੇ ਸਕੱਤਰ ਸਕੂਲ ਸਿੱਖਿਆ ਨੂੰ ਦੁਬਾਰਾ ਹੁਕਮ ਜਾਰੀ ਕਰਨੇ ਪਏ ਹਨ।ਕਰੋਨਾ ਮਹਾਂਮਾਰੀ ਕਰਕੇ ਡਾਵਾਂਡੋਲ ਹੋਏ ਕਾਰੋਬਾਰਾਂ ਕਰਕੇ ਬਹੁਤੇ ਮਾਪੇ ਪ੍ਰਾਈਵੇਟ ਸਕੂਲਾਂ ਦੀਆਂ ਵਾਧੂ ਫੀਸਾਂ ਦੇਣ ਤੋਂ ਅਸਮਰੱਥ ਹੋ ਗਏ ਹਨ ਜਿਸ ਕਰਕੇ ਹੁਣ ਬਹੁਤੇ ਮਾਪਿਆਂ ਨੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪਾਉਣ ਦਾ ਮਨ ਬਣਾ ਲਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ 8 ਸਤੰਬਰ ਨੂੰ ਡੀਈਓ ਅਤੇ ਸਕੂਲ ਮੁਖੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਨਵੇਂ ਵਿਦਿਆਰਥੀਆਂ ਤੋਂ ਕਿਸੇ ਵੀ ਤਰ੍ਹਾਂ ਦਾ ਸਰਟੀਫਿਕੇਟ ਨਾ ਲੈਣ ਦੇ ਹੁਕਮ ਦਿੱਤੇ ਸਨ। ਇਸ ਦੇ ਬਾਵਜੂਦ ਕਈ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਨਵੇਂ ਦਾਖਲ ਹੋਣ ਵਾਲੇ ਵਿਦਿਆਰਥੀਆਂ ਤੇ ਟਰਾਂਸਫਰ ਸਰਟੀਫਿਕੇਟ ਲਿਆਉਣ ਅਤੇ ਪੁਰਾਣੇ ਸਕੂਲ ਵਿੱਚੋਂ ਨਾਂ ਕਟਵਾ ਕੇ ਆਉਣ ਆਦਿ ਆਖਦਿਆਂ ਖੱਜਲ ਖੁਆਰ ਕੀਤਾ ਜਾਂਦਾ ਹੈ।
ਨਕਲ ਵਿਰੋਧੀ ਫਰੰਟ ਦੇ ਪ੍ਰਧਾਨ ਸੁਖਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੋਲ ਵੀ ਰੇਲਵੇ ਸਟੇਸ਼ਨ ਨੇੜੇ ਅਤੇ ਜਵਾਹਰ ਨਗਰ ਦੇ ਕਈ ਸਰਕਾਰੀ ਸਕੂਲਾਂ ਦੀਆਂ ਅਜਿਹੀਆਂ ਸ਼ਿਕਾਇਤਾਂ ਆਈਆਂ ਸਨ ਜਿਸ ਸਬੰਧੀ ਉੱਚ ਅਧਿਕਾਰੀਆਂ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀ ਲੁੱਟ ਖਸੁੱਟ ਤੋਂ ਅੱਕ ਕੇ ਕਈ ਹੁਸ਼ਿਆਰ ਵਿਦਿਆਰਥੀ ਵੀ ਹੁਣ ਸਰਕਾਰੀ ਸਕੂਲਾਂ ਵਿੱਚ ਦਾਖਲ ਹੋ ਰਹੇ ਹਨ ਪਰ ਕਈ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਖੱਜਲ ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਵਿਦਿਆਰਥੀਆਂ ਨੂੰ ਬਿਨਾਂ ਟਰਾਂਸਫਰ ਸਰਟੀਫਿਕੇਟਾਂ ਦੇ ਦਾਖਲਾ ਦਿੱਤਾ ਜਾਵੇ।
ਸਕੂਲਾਂ ਨੂੰ ਦੁਬਾਰਾ ਹਦਾਇਤਾਂ ਕੀਤੀਆਂ: ਡੀਈਓ
ਡੀਈਓ ਸੈਕੰਡਰੀ ਸਵਰਨਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਸਕੂਲਾਂ ਵਾਲਿਆਂ ਨੂੰ ਨਵੇਂ ਦਾਖਲ ਬੱਚਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਸਮੇਂ ਮੁਸ਼ਕਲ ਹੁੰਦੀ ਸੀ ਜੋ ਹੁਣ ਹੱਲ ਕਰ ਲਈ ਗਈ ਹੈ। ਇਸ ਸਬੰਧੀ ਸਾਰੇ ਸਕੂਲਾਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਜੇਕਰ ਫਿਰ ਵੀ ਕੋਈ ਸਕੂਲ ਸਰਟੀਫਿਕੇਟ ਮੰਗਦਾ ਹੈ ਤਾਂ ਸਬੰਧਤ ਬੱਚੇ ਅਤੇ ਉਨ੍ਹਾਂ ਦੇ ਮਾਪੇ ਸਿੱਧੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।