ਖੇਤਰੀ ਪ੍ਰਤੀਨਿਧ
ਲੁਧਿਆਣਾ, 10 ਫਰਵਰੀ
ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਆਲ ਇੰਡੀਆ ਫੈੱਡਰੇਸ਼ਨ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨ ਖਤਮ ਕਰ ਕੇ ਅਤੇ ਲੇਬਰ ਕੋਡ ਜਾਰੀ ਕਰ ਕੇ ਮੁਲਾਜ਼ਮ ਅਤੇ ਮਜ਼ਦੂਰਾਂ ਦੇ ਅਧਿਕਾਰਾਂ ਉੱਤੇ ਡਾਕਾ ਮਾਰਿਆ ਹੈ। ਅਜਿਹਾ ਹੋਣ ਨਾਲ ਹੁਣ ਕੇਂਦਰ ਦੀ ਭਾਜਪਾ ਸਰਕਾਰ ਦਾ ਕਾਰਪੋਰੇਟ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੇਸ਼ ਕੀਤੇ ਬਜਟ ਵਿੱਚ ਮੁਲਾਜ਼ਮਾਂ, ਮਜ਼ਦੂਰਾਂ ਲਈ ਕੋਈ ਵੀ ਵਾਧਾ ਨਾ ਕਰਨਾ, ਘੱਟ ਗਿਣਤੀਆਂ ਲਈ ਰੱਖੇ ਬਜਟ ਵਿੱਚ ਕਟੌਤੀ ਕਰਨਾ, ਸਬਸਿਡੀਆਂ ਵਿੱਚ ਕਟੌਤੀ ਕਰਨਾ, ਆਂਗਣਵਾੜੀ ਵਰਕਰਾਂ/ਹੈਲਪਰਾਂ ਸਮੇਤ ਸਕੀਮ ਵਰਕਰਾਂ ਲਈ ਕੋਈ ਵੀ ਵਾਧਾ ਨਾ ਕਰਨਾ ਆਦਿ ਸਰਕਾਰ ਦੇ ਲੋਕ ਵਿਰੋਧੀ ਰਵੱਈਏ ਨੂੰ ਸਾਫ਼ ਜ਼ਾਹਰ ਕਰਦਾ ਹੈ।
ਸੂਬਾ ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਨਾ ਕਰ ਕੇ ਆਂਗਣਵਾੜੀ ਵਰਕਰ ਤੇ ਹੈਲਪਰਾਂ ਨਾਲ ਵਿਸ਼ਵਾਸ਼ਘਾਤ ਕਰ ਕੇ ਉਨ੍ਹਾਂ ਨੂੰ ਸੰਘਰਸ਼ ਦੇ ਰਾਹ ਤੋਰਿਆ ਜਾ ਰਿਹਾ ਹੈ।