ਪੱਤਰ ਪ੍ਰੇਰਕ
ਮਾਛੀਵਾੜਾ, 7 ਜੁਲਾਈ
ਸੀਟੂ ਦੇ ਸੂਬਾ ਸਕੱਤਰ ਅਤੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਸੂਬਾ ਜਨਰਲ ਸਕੱਤਰ ਅਮਰਨਾਥ ਕੂੰਮਕਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 17ਵੀਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ 146 ਸੰਸਦ ਮੈਂਬਰਾਂ ਨੂੰ ਮੁਅੱਤਲ ਜਾਂ ਬਰਖ਼ਾਸਤ ਕਰ ਕੇ ਬਿਨਾਂ ਬਹਿਸ ਕੀਤਿਆਂ ਤਿੰਨ ਫ਼ੌਜਦਾਰੀ ਕਾਨੂੰਨ ਬਹੁਸੰਮਤੀ ਨਾਲ ਪਾਸ ਕਰ ਲਏ ਸਨ ਜਿਨ੍ਹਾਂ ਨੂੰ ਪਹਿਲੀ ਜੁਲਾਈ ਤੋਂ ਦੇਸ਼ ਵਿਚ ਲਾਗੂ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸੈਂਟਰ ਆਫ ਇੰਡੀਅਨ ਟਰੇਡ ਯੂਨੀਅਨਜ਼ (ਸੀਟੂ) ਦੇ ਸੱਦੇ ’ਤੇ ਵੱਖ-ਵੱਖ ਪਿੰਡਾਂ ਵਿੱਚ ਤਿੰਨ ਫੌਜਦਾਰੀ ਕਾਨੂੰਨਾਂ ਅਤੇ ਚਾਰ ਲੇਬਰ ਕੋਡਜ਼ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ। ਉਨ੍ਹਾਂ ਕਿਹਾ ਕਿ ਇਹ ਭਾਰਤ ਦੀ ਨਿਆਂ ਪ੍ਰਣਾਲੀ ’ਤੇ ਸਿੱਧਾ ਹਮਲਾ ਹੈ। ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਾਨੂੰਨ ਦਾ ਰਾਜ ਖ਼ਤਮ ਹੋ ਕੇ ਪੁਲੀਸ ਰਾਜ ਸ਼ੁਰੂ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਮਜ਼ਦੂਰ ਵਿਰੋਧੀ ਚਾਰ ਲੇਬਰ ਕੋਡ ਅਤੇ ਨਵੇਂ ਫ਼ੌਜਦਾਰੀ ਕਾਨੂੰਨ ਰੱਦ ਕਰਵਾਉਣ ਲਈ 10 ਜੁਲਾਈ ਨੂੰ ਦੇਸ਼ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ। ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ ਬੇਪਰਦ ਕਰਨ ਲਈ ਹੱਲਾ ਬੋਲਣ ਦੀ ਅਪੀਲ ਕੀਤੀ। ਇਸ ਮੌਕੇ ਸਿਕੰਦਰ ਬਖ਼ਸ਼ ਮੰਡ ਚੌਂਤਾ ਅਤੇ ਹਰੀ ਰਾਮ ਭੱਟੀ ਵੀ ਮੌਜੂਦ ਸਨ।