ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਅਪਰੈਲ
ਟੀਕਾਕਰਨ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਲੁਧਿਆਣਾ ਪ੍ਰਸ਼ਾਸਨ ਵੱਲੋਂ ਅੱਜ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਲੋਕਾਂ ਨੂੰ ਵੈਕਸੀਨੇਸ਼ਨ ਲਗਵਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ‘ਸਾਨੂੰ ਟੀਕਾ ਲੱਗ ਚੁੱਕਾ ਹੈ’ ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ। ਟੀਕਾਕਰਨ ਨੂੰ ਹੁਲਾਰਾ ਦੇਣ ਲਈ ਇਸ ਵਿਲੱਖਣ ਮੁਹਿੰਮ ਦੀ ਸ਼ਲਾਘਾ ਕਰਦਿਆਂ ਮੰਤਰੀ ਆਸ਼ੂ ਨੇ ਕਿਹਾ ਕਿ ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਵਧੇਰੇ ਲੋਕ ਵੈਕਸੀਨੇਸ਼ਨ ਲਈ ਅੱਗੇ ਆਉਣਗੇ ਜੋ ਇਸ ਮਹਾਮਾਰੀ ਦੀ ਲੜੀ ਤੋੜਨ ਵਿੱਚ ਸਹਾਈ ਸਿੱਧ ਹੋਣਗੇ।
ਡਿਪਟੀ ਕਮਿਸ਼ਨਰ ਅਤੇ ਉਨ੍ਹਾਂ ਦੀ ਪਤਨੀ ਪਰਵੀਨ ਸ਼ਰਮਾ ਨੇ ਕਿਹਾ ਕਿ ਇਹ ਮੁਹਿੰਮ ਵੈਕਸੀਨ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਵੀ ਦੂਰ ਕਰਨ ਵਿੱਚ ਸਹਾਇਤਾ ਕਰੇਗੀ।
ਉਨ੍ਹਾਂ ਇਕ ਵਾਰ ਫਿਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਮਹਾਮਾਰੀ ਨੂੰ ਰੋਕਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ, ਨੇੜਲੇ ਸਰਕਾਰੀ ਤੇ ਨਿੱਜੀ ਸਿਹਤ ਸੰਸਥਾਵਾਂ ਜਾਂ ਕੈਂਪਾਂ ਵਿਚ ਵੱਡੀ ਗਿਣਤੀ ਵਿਚ ਟੀਕਾ ਪ੍ਰਾਪਤ ਕਰਕੇ ਆਪਣੇ ਘਰਾਂ ਦੇ ਬਾਹਰ ਸਟਿੱਕਰ ਚਿਪਕਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਸਟਿੱਕਰ ਸਾਰੇ ਟੀਕਾਕਰਨ ਕੈਂਪਾਂ ਵਿੱਚ ਉਪਲੱਬਧ ਹਨ ਅਤੇ ਲੋਕ ਇਸ ਸਟਿੱਕਰ ਨੂੰ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਤੋਂ ਵੀ ਪ੍ਰਾਪਤ ਕਰ ਸਕਦੇ ਹਨ।
ਇਸੇ ਤਰ੍ਹਾਂ ਲੁਧਿਆਣਾ ਵਿਚ ਕੋਵਿਡ ਟੀਕਾਕਰਨ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਥਾਨਕ ਕੋਚਰ ਮਾਰਕੀਟ ਰੋਡ ’ਤੇ ਇਕ ਟੀਕਾਕਰਨ ਕੈਂਪ ਦਾ ਉਦਘਾਟਨ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਕੋਵਿਡ ਮਹਾਮਾਰੀ ਬਾਰੇ ਐੱਨਜੀਓ ‘ਸਿਟੀ ਨੀਡਜ਼’ ਵੱਲੋਂ ਤਿਆਰ ਕੀਤੀ ਗਈ ਇੱਕ ਡਾਕਊਮੈਂਟਰੀ ਵੀ ਜਾਰੀ ਕੀਤੀ।
ਲੁਧਿਆਣਾ ’ਚ 835 ਨਵੇਂ ਮਰੀਜ਼ ਆਏ
ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾ ਦੇ ਹਾਲਾਤ ਵਿਗੜਦੇ ਜਾ ਰਹੇ ਹਨ। ਸ਼ਨਿੱਚਰਵਾਰ ਨੂੰ ਜਦੋਂ ਦਾ ਕਰੋਨਾ ਸ਼ੁਰੂ ਹੋਇਆ ਹੈ, ਉਦੋਂ ਤੋਂ ਲੈ ਕੇ ਹੁਣ ਤੱਕ ਕਰੋਨਾ ਦੇ ਸਾਰੇ ਰਿਕਾਰਡ ਤੋੜਦੇ ਹੋਏ 835 ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਇਸਦੇ ਨਾਲ ਹੀ 6 ਲੋਕਾਂ ਦੀ ਕਰੋਨਾ ਨਾਲ ਮੌਤ ਹੋ ਗਈ ਹੈ। ਦੱਸ ਦਈਏ ਕਿ ਇੱਕੋਂ ਦਿਨ ਵਿਚ 835 ਨਵੇਂ ਮਰੀਜ਼ਾਂ ਪਹਿਲੀ ਵਾਰ ਸਾਹਮਣੇ ਆਏ ਹਨ। ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਨੇ ਦੱਸਿਆ ਕਿ ਪਿਛਲੇ 24 ਘੰਟੇ ਦੌਰਾਨ 835 ਨਵੇਂ ਮਰੀਜ਼ਾਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ, ਜਿਸ ਤੋਂ ਬਾਅਦ ਕੁੱਲ ਕਰੋਨਾ ਦੇ ਕੇਸਾਂ ਦੀ ਗਿਣਤੀ 42378 ਹੋ ਗਏ ਹਨ, ਜਿਨ੍ਹਾਂ ਵਿੱਚੋਂ ਕੁੱਲ 36863 ਮਰੀਜ਼ ਸਿਹਤਯਾਬ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਵਿਚ ਐਕਟਿਵ 4277 ਮਰੀਜ਼ ਹਨ, ਜਿਨ੍ਹਾਂ ਦਾ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ਼ ਚੱਲ ਰਿਹਾ ਹੈ।
ਜਗਰਾਉਂ ’ਚ 13 ਸਾਲਾ ਬੱਚੇ ਦੀ ਮੌਤ
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਸਿਵਲ ਹਸਪਤਾਲ ਜਗਰਾਉਂ ਅਤੇ ਸਿੱਧਵਾਂ ਬੇਟ ਦੇ ਕੁਝ ਸਿਹਤ ਕਰਮੀ ਕਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਕਰੋਨਾ ਨੇ ਹੋਰ ਭਿੰਅਕਰ ਰੂਪ ਦਿਖਾਇਆ ਜਦੋਂ ਅੱਜ ਇੱਥੇ ਇਕ 13 ਸਾਲਾ ਬੱਚੇ ਦੀ ਕਰੋਨਾ ਕਾਰਨ ਮੌਤ ਹੋ ਗਈ। ਕਰੋਨਾ ਦੀ ਦੂਜੀ ਲਹਿਰ ਵਧੇਰੇ ਘਾਤਕ ਹੈ ਅਤੇ ਇਹ ਬੱਚਿਆਂ ’ਤੇ ਮਾਰੂ ਅਸਰ ਦਿਖਾ ਰਹੀ ਹੈ। ਜਾਣਕਾਰੀ ਅਨੁਸਾਰ ਇੱਥੇ ਲੰਡੇ ਫਾਟਕਾਂ ਨੇੜੇ ਰਹਿੰਦੇ ਇਕ 13 ਸਾਲ ਦੀ ਉਮਰ ਦੇ ਬੱਚੇ ਨੂੰ ਪਿਛਲੇ ਦਿਨੀਂ ਕਰੋਨਾ ਨੇ ਆਪਣੀ ਲਪੇਟ ’ਚ ਲੈ ਲਿਆ। ਸਥਾਨਕ ਸਿਵਲ ਹਸਪਤਾਲ ’ਚ ਇਲਾਜ ਲਈ ਭਰਤੀ ਕਰਵਾਏ ਜਾਣ ’ਤੇ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਦੱਸਦਿਆਂ ਫਰੀਦਕੋਟ ਰੈਫਰ ਕਰ ਦਿੱਤਾ। ਜਾਣਕਾਰੀ ਅਨੁਸਾਰ ਫਰੀਦਕੋਟ ਹਸਪਤਾਲ ’ਚ ਇਲਾਜ ਦੌਰਾਨ ਬੱਚੇ ਦੀ ਮੌਤ ਹੋ ਗਈ। ਡਾਕਟਰਾਂ ਨੇ ਬੱਚੇ ਦੀ ਮੌਤ ਕਰੋਨਾ ਨਾਲ ਹੋਣ ਦੀ ਪੁਸ਼ਟੀ ਕੀਤੀ ਹੈ। ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਮ੍ਰਿਤਕ ਬੱਚੇ ਦਾ ਸਸਕਾਰ ਅੱਜ ਇਥੋਂ ਦੇ ਸ਼ਮਸ਼ਾਨਘਾਟ ’ਚ ਕਰ ਦਿੱਤਾ ਗਿਆ।
ਦੇਸੀ ਨੁਸਖ਼ੇ ਦੇਣ ਵਾਲਾ ਸਪੇਰਾ ਖੁਦ ਪਾਜ਼ੇਟਿਵ ਹੋਇਆ
ਸਨਅਤੀ ਸ਼ਹਿਰ ਵਿੱਚ ਆਮ ਭੋਲੇ ਭਾਲੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਦੇਸੀ ਨੁਸਖ਼ੇ ਦੇਣ ਵਾਲੇ ਸਪੇਰੇ ਨੂੰ ਵੀ ਕਰੋਨਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿਹਤ ਵਿਭਾਗ ਦੀ ਟੀਮ ਵੱਲੋਂ ਸਪੇਰੇ ਨੂੰ ਘਰ ਵਿੱਚ ਇਕਾਂਤਵਾਸ ਹੋਣ ਲਈ ਕਹਿ ਦਿੱਤਾ ਗਿਆ ਹੈ।