ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਜਨਵਰੀ
ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਅੱਜ ਸਮੂਹ ਸਰਕਾਰੀ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹਲਵਾਰਾ ਵਿਖੇ ਬਣਨ ਵਾਲੇ ਕੌਮਾਂਤਰੀ ਹਵਾਈ ਅੱਡੇ ਦੀ ਚਾਰਦਿਵਾਰੀ, ਪਿੰਡਾਂ ਵਿੱਚ ਬਣਨ ਵਾਲੇ ਟਾਇਲਟ ਬਲਾਕ, ਸਖੀ ਵਨ ਸਟਾਪ ਸੈਂਟਰ, ਦੱਖਣੀ ਐਕਸਪ੍ਰੈਸ ਵੇਅ ਤੋਂ ਇਲਾਵਾ ਚੱਲ ਰਹੇ ਹੋਰ ਵਿਕਾਸ ਕਾਰਜਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਸਾਰੇ ਬੀਡੀਪੀਓ ਅਤੇ ਹੋਰ ਸਬੰਧਤ ਸਰਕਾਰੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਸਹੀ ਢੰਗ ਨਾਲ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ।