ਲੁਧਿਆਣਾ: ਲੁਧਿਆਣਾ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। 2014 ਬੈਚ ਦੇ ਆਈਏਐਸ ਅਧਿਕਾਰੀ ਸ੍ਰੀ ਜੋਰਵਾਲ ਇਸ ਤੋਂ ਪਹਿਲਾਂ ਸੰਗਰੂਰ ਦੇ ਡੀਸੀ ਸਨ। ਅੱਜ ਦੁਪਹਿਰ ਸਮੇਂ ਅਹੁਦਾ ਸੰਭਾਲਣ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਪੁਲੀਸ ਦੀ ਟੁਕੜੀ ਨੇ ‘ਗਾਰਡ ਆਫ ਆਨਰ’ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਪਤਨੀ ਅਤੇ ਧੀ ਵੀ ਸਨ। ਇਸ ਤੋਂ ਪਹਿਲਾਂ ਜਤਿੰਦਰ ਜੋਰਵਾਲ ਏਡੀਸੀ ਜਲੰਧਰ ਅਤੇ ਐਸਡੀਐਮ ਹੁਸ਼ਿਆਰਪੁਰ ਵੀ ਰਹਿ ਚੁੱਕੇ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਜਵਾਬਦੇਹੀ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਆਵਾਜਾਈ, ਵਾਤਾਵਰਨ, ਸਿਹਤ ਸੰਭਾਲ, ਸਿੱਖਿਆ, ਬਜ਼ੁਰਗ ਨਾਗਰਿਕਾਂ ਅਤੇ ਔਰਤਾਂ ਦੇ ਨਾਲ-ਨਾਲ ਬੱਚਿਆਂ ਦੀ ਸੁਰੱਖਿਆ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾਣਗੀਆਂ। ਜਤਿੰਦਰ ਜੋਰਵਾਲ ਮੂਲ ਰੂਪ ਤੋਂ ਰਾਜਸਥਾਨ ਦੇ ਗੰਗਾਨਗਰ ਇਲਾਕੇ ਦੇ ਰਹਿਣ ਵਾਲੇ ਹਨ। ਉਹ ਤਿੰਨ ਸਾਲ ਡੀਸੀ ਵਜੋਂ ਸੇਵਾ ਨਿਭਾਅ ਚੁੱਕੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਕੱਤਰ ਵੀ ਰਹੇ ਹਨ। ਡੀਸੀ ਜਤਿੰਦਰ ਜੋਰਵਾਲ ਨੂੰ ਦੋ ਸਾਲ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੈਸਟ ਕੁਲੈਕਟਰ ਆਫ ਪੰਜਾਬ ਸਟੇਟ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। -ਟਨਸ