ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਸਤੰਬਰ
ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਇੱਥੇ ਈਸੜੂ ਭਵਨ ਵਿੱਚ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਅਧਿਆਪਕ ਮਸਲਿਆਂ ’ਤੇ ਚਰਚਾ ਕਰਨ ਉਪਰੰਤ ਕਈ ਅਹਿਮ ਫ਼ੈਸਲੇ ਲਏ ਗਏ। ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਨੇ ਦੱਸਿਆ ਕਿ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਬੈਨਰ ਹੇਠ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਲਈ ਪਹਿਲੀ ਅਕਤੂਬਰ ਤੋਂ ਤਿੰਨ ਅਕਤੂਬਰ ਤੱਕ ਲੱਗਣ ਵਾਲੇ ਤਿੰਨ ਦਿਨਾਂ ਮੋਰਚੇ ਵਿੱਚ ਜਥੇਬੰਦੀ ਵੱਲੋਂ ਜ਼ਿਲ੍ਹਿਆਂ ਵਿੱਚੋਂ ਭਰਵੀਂ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਹੈ ਕਿ ਤਰੱਕੀਆਂ ਉਪਰੰਤ ਲੈਕਚਰਾਰ ਬਣੇ ਅਧਿਆਪਕਾਂ ਨੂੰ ਬਹੁਤ ਥੋੜ੍ਹੇ ਸਟੇਸ਼ਨ ਦਿਖਾ ਕੇ ਤਰੱਕੀ ਛੱਡਣ ਲਈ ਮਜਬੂਰ ਕਰਨ, ਬਦਲੀਆਂ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਦੀਆਂ ਧੱਜੀਆਂ ਉਡਾਉਣ ਅਤੇ ਡਾਟਾ ਮਿਸਮੈਚ ਦੀ ਦਰੁਸਤੀ ਦਾ ਮੌਕਾ ਦਿੰਦਿਆਂ ਦੂਜੇ ਗੇੜ ਦੀਆਂ ਬਦਲੀਆਂ ਦੀ ਸ਼ੁਰੂਆਤ ਨਾ ਕਰਨ ਦੇ ਵਿਰੋਧ ਵਿੱਚ 25 ਸਤੰਬਰ ਨੂੰ ਜ਼ਿਲ੍ਹਾ ਕਮੇਟੀਆਂ ਵੱਲੋਂ ਸਿੱਖਿਆ ਮੰਤਰੀ ਦੇ ਨਾਮ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਵਿਰੋਧ ਪੱਤਰ ਭੇਜੇ ਜਾਣਗੇ। ਆਗੂਆਂ ਨੇ ਦੱਸਿਆ ਕਿ ਕਥਿਤ ਤੌਰ ’ਤੇ ਬੇਇਨਸਾਫ਼ੀ ਅਤੇ ਪੱਖਪਾਤ ਦਾ ਸ਼ਿਕਾਰ ਅਧਿਆਪਕ ਸਾਥੀ ਨਰਿੰਦਰ ਭੰਡਾਰੀ ਅਤੇ ਡਾ. ਰਵਿੰਦਰ ਕੰਬੋਜ ਦੇ ਰੈਗੂਲਰ ਆਰਡਰ ਜਾਰੀ ਨਾ ਕਰਨ, ਓ.ਡੀ.ਐੱਲ. ਦੇ ਰਹਿੰਦੇ ਰੈਗੂਲਰ ਆਰਡਰ ਤੇ 7654 ਵਿੱਚੋਂ 14 ਹਿੰਦੀ ਅਧਿਆਪਕਾਂ ਦੇ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਨ ਦੇ ਭਰੋਸੇ ’ਤੇ ਖਰੇ ਨਾ ਉਤਰਨ ਦੇ ਰੋਸ ਵਜੋਂ 12 ਅਕਤੂਬਰ ਨੂੰ ਦੁਸਹਿਰੇ ਮੌਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿੱਚ ਮੁੱਖ ਮੰਤਰੀ, ਸਿੱਖਿਆ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਦਾ ਪੁਤਲਾ ਸਾੜਿਆ ਜਾਵੇਗਾ। ਇਸ ਮੌਕੇ ਅਸ਼ਵਨੀ ਅਵਸਥੀ, ਰਾਜੀਵ ਬਰਨਾਲਾ, ਜਰਮਨਜੀਤ ਸਿੰਘ, ਡਾ. ਹਰਦੀਪ ਟੋਡਰਪੁਰ, ਅਤਿੰਦਰ ਘੱਗਾ, ਸੁਖਵਿੰਦਰ ਅਤੇ ਅਰਮਿੰਦਰ ਸਿੰਘ ਹਾਜ਼ਰ ਸਨ।