ਰਾਮ ਗੋਪਾਲ ਰਾਏਕੋਟੀ
ਰਾਏਕੋਟ, 22 ਦਸੰਬਰ
ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਮੁਹੱਲਾ ਗੁਰੂ ਨਾਨਕਪੁਰਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ ਸਿੰਘ ਮੁਹੱਲਾ ਗੁਰੂ ਨਾਨਕਪੁਰਾ ਤੋਂ ਸ਼ੁਰੂ ਹੋ ਕੇ ਬਰਨਾਲਾ ਚੌਕ, ਗੁਰਦੁਆਰਾ ਟਾਹਲੀਆਣਾ ਸਾਹਿਬ, ਨਵਾਂ ਬੱਸ ਅੱਡਾ, ਸਰਦਾਰ ਹਰੀ ਸਿੰਘ ਨਲਵਾ ਚੌਕ, ਤਲਵੰਡੀ ਗੇਟ, ਤਾਜਪੁਰ ਚੌਕ ਸਮੇਤ ਸ਼ਹਿਰ ਦੇ ਹੋਰ ਵੱਖ-ਵੱਖ ਸਥਾਨਾਂ ਦੀ ਪਰਿਕਰਮਾ ਕਰਦਾ ਹੋਇਆ ਗੁਰਦੁਆਰਾ ਸਾਹਿਬ ’ਚ ਸਮਾਪਤ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੌਰਾਨ ਭਾਈ ਗਗਨਦੀਪ ਸਿੰਘ ਅਕਾਲਗੜ੍ਹ ਦੇ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੋਹਣ ਸਿੰਘ, ਮੀਤ ਪ੍ਰਧਾਨ ਜਗਸੀਰ ਸਿੰਘ, ਖ਼ਜ਼ਾਨਚੀ ਪਰਮਜੀਤ ਸਿੰਘ, ਬੂਟਾ ਸਿੰਘ, ਲਵਲੀ ਗਿੱਲ, ਜਥੇਦਾਰ ਚਰਨ ਸਿੰਘ ਪ੍ਰਧਾਨ, ਪ੍ਰਕਾਸ਼ ਸਿੰਘ, ਗ੍ਰੰਥੀ ਭਾਈ ਸੁਰਜੀਤ ਸਿੰਘ, ਡਾ. ਬਲਦੇਵ ਸਿੰਘ, ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਉਥੇ ਹੀ ਨੇੜਲੇ ਪਿੰਡ ਬੱਸੀਆਂ ’ਚ ਵੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਬਾਬਾ ਜੀਵਨ ਸਿੰਘ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਕੀਰਤਨ ਸਜਾਇਆ ਗਿਆ।