ਖੇਤਰੀ ਪ੍ਰਤੀਨਿਧ
ਲੁਧਿਆਣਾ, 29 ਮਈ
ਖਾਲਸਾ ਕਾਲਜ ਫਾਰ ਵਿਮੈਨ ਲੁਧਿਆਣਾ ਵਿੱਚ ਅੱਜ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਇਸ ਵਿੱਚ ਪੋਸਟ-ਗ੍ਰੈਜੂਏਟ ਅਤੇ ਗ੍ਰੈਜੂਏਸ਼ਨ ਦੀਆਂ ਡਿਗਰੀਆਂ ਦੀ ਵੰਡ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਪੰਜਾਬ ਯੂਨੀਵਰਸਿਟੀ ਕਾਲਜ ਵਿਕਾਸ ਕੌਂਸਲ ਦੇ ਡੀਨ ਪ੍ਰੋ. ਅੰਜੂ ਸੂਰੀ ਨੇ ਕੀਤੀ ਜਦੋਂਕਿ ਵਿਸ਼ੇਸ਼ ਮਹਿਮਾਨ ਵਜੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਰੋਹਿਤ ਕੁਮਾਰ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਕਾਲਜ ਪ੍ਰਿੰਸੀਪਲ ਡਾ. ਮੁਕਤੀ ਗਿੱਲ, ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ। ਸਮਾਗਮ ਦੌਰਾਨ ਪ੍ਰਿੰਸੀਪਲ ਨੇ ਸੈਸ਼ਨ 2020-21 ਲਈ ਅਕਾਦਮਿਕ, ਸੱਭਿਆਚਾਰਕ ਅਤੇ ਖੇਡ ਖੇਤਰ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਡਾ. ਅੰਜੂ ਸੂਰੀ ਨੇ ਕਿਹਾ ਕਿ ਨੌਜਵਾਨ ਮਨਾਂ ਵਿੱਚ ਸਮਾਜ ਵਿੱਚ ਚੰਗਾ ਕਰਨ ਲਈ ਜ਼ਿੰਮੇਵਾਰੀ ਦੀ ਭਾਵਨਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਨੁਸਾਸ਼ਨ ਸਫ਼ਲਤਾ ਦੀ ਕੁੰਜੀ ਹੈ। ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਵਧਾਈ ਦਿੱਤੀ।