ਸੰਤੋਖ ਗਿੱਲ
ਗੁਰੂਸਰ ਸੁਧਾਰ, 26 ਮਈ
ਗੋਵਿੰਦ ਨੈਸ਼ਨਲ ਕਾਲਜ ਨਾਰੰਗਵਾਲ ਵਿੱਚ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਸਾਬਕਾ ਚਾਂਸਲਰ ਡਾਕਟਰ ਸਰਦਾਰਾ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਡਿਗਰੀ ਦੀ ਪ੍ਰਾਪਤੀ ਜ਼ਿੰਦਗੀ ਦੀ ਮਹਿਜ਼ ਸ਼ੁਰੂਆਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਚੇਤਨਾ ਦੇ ਪੱਧਰ ’ਤੇ ਕੰਮ ਕਰ ਕੇ ਮੁਸ਼ਕਲਾਂ ਉੱਪਰ ਕਾਬੂ ਪਾਉਣ ਅਤੇ ਅੱਗੇ ਆ ਕੇ ਪੰਜਾਬ ਲਈ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਬਚਣਾ ਹੀ ਤਾਂ ਹੈ ਜੇ ਇਸ ਦਾ ਪੌਣ-ਪਾਣੀ ਬਚਿਆ ਰਹੇਗਾ। ਉਨ੍ਹਾਂ ਕਾਲਜ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਥੋੜ੍ਹੇ ਸਮੇਂ ਵਿੱਚ ਹੀ ਵਿਕਸਤ ਜਗਤ ਦੀਆਂ ਅਗਾਂਹਵਧੂ ਸੰਸਥਾਵਾਂ ਵਿੱਚ ਸ਼ੁਮਾਰ ਹੋ ਗਿਆ ਹੈ।
ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵੀਰ ਸਿੰਘ ਨੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਸਮੇਤ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਕਾਲਜ ਪ੍ਰਿੰਸੀਪਲ ਡਾਕਟਰ ਅਵਿਨਾਸ਼ ਕੌਰ ਨੇ ਕਾਲਜ ਦੀ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਵਿਸ਼ਿਆਂ ਦੇ 380 ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ। ਸਮਾਗਮ ਦੌਰਾਨ ਕਾਲਜ ਦੇ ਅਕਾਦਮਿਕ ਅਤੇ ਨਾਨ-ਟੀਚਿੰਗ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।