ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 29 ਮਈ
ਭਾਰਤੀ ਕਿਸਾਨ ਯੂਨੀਅਨ ਨੇ ਦਿੱਲੀ ਪੁਲੀਸ ਵੱਲੋਂ ਲਾਲ ਕਿਲ੍ਹੇ ਦੀ ਘਟਨਾ ਸਬੰਧੀ ਅਦਾਲਤ ’ਚ ਦਾਖ਼ਲ ਕੀਤੀ ਚਾਰਜਸ਼ੀਟ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਝੀ ਹਰਕਤ ਅਤੇ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਇਸ ਸਬੰਧੀ ਪ੍ਰੈੱਸ ਬਿਆਨ ਜਾਰੀ ਕਰਦਿਆਂ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ’ਤੇ ਦਿੱਲੀ ਪੁਲੀਸ ਨੇ ਮਨਘੜਤ, ਤੱਥਾਂ ਤੋਂ ਕੋਰੀ ਅਤੇ ਜੱਗ ਹਸਾਉਣੀ ਚਾਰਜਸ਼ੀਟ ਤਿਆਰ ਕੀਤੀ ਹੈ, ਜਿਸ ਵਿਚ ਉਨ੍ਹਾਂ ਨੇ ਕਿਸਾਨਾਂ ਨੂੰ ਬਦਨਾਮ ਕਰਨ ਲਈ ਲਾਲ ਕਿਲ੍ਹੇ ਨੂੰ ਅੰਦੋਲਨ ਦਾ ਧੁਰਾ ਬਣਾਉਣ ਦਾ ਦੋਸ਼ ਲਾਇਆ ਹੈ, ਜਦਕਿ ਸੰਯੁਕਤ ਕਿਸਾਨ ਮੋਰਚੇ ਦਾ ਕਦੇ ਵੀ ਅਜਿਹਾ ਫ਼ੈਸਲਾ ਨਹੀਂ ਸੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕੇਂਦਰ ਦੀ ਸੱਤਾ ਵਿਚ ਸੱਤ ਸਾਲ ਪੂਰੇ ਹੋਣ ’ਤੇ 30 ਮਈ ਨੂੰ ਵੱਖ-ਵੱਖ ਰਾਜਾਂ ਵਿਚ ਕੀਤੇ ਜਾ ਰਹੇ ਪ੍ਰੋਗਰਾਮ ਉਲੀਕ ਰਹੀ ਹੈ, ਜਿਸਦਾ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਤੇ ਰਾਜਸਥਾਨ ਸਮੇਤ ਬਾਕੀ ਰਾਜਾਂ ਦੇ ਕਿਸਾਨਾਂ ਵਲੋਂ ਵਿਰੋਧ ਕੀਤਾ ਜਾਵੇਗਾ।