ਖੰਨਾ (ਜੋਗਿੰਦਰ ਸਿੰਘ ਓਬਰਾਏ): ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਅਰੰਭਿਆ ਸੰਘਰਸ਼ 225ਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ, ਹਰਮਿੰਦਰ ਸਿੰਘ ਅਤੇ ਦਲਜੀਤ ਸਿੰਘ ਸਵੈਚ ਨੇ ਦਿੱਲੀ ਕਿਸਾਨ ਮੋਰਚੇ ’ਚ ਪੱਛਮੀ ਬੰਗਾਲ ਤੋਂ ਆਈ ਲੜਕੀ ਦੀ ਮੌਤ ਤੇ ਜਬਰ-ਜਨਾਹ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਬੇਹੱਦ ਮੰਦਭਾਗੀ ਤੇ ਨਾ ਬਰਦਾਸ਼ਤ ਕਰਨ ਯੋਗ ਘਟਨਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਫਾਸਟ ਟਰੈਕ ਅਦਾਲਤ ਰਾਹੀਂ ਮਿਸਾਲੀ ਸ਼ਜਾ ਦਿੱਤੀ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਇਸ ਕੇਸ ਨੂੰ ਵੀ ਕਿਸਾਨ ਸੰਘਰਸ਼ ਦੀ ਲੀਡਰਸ਼ਿਪ ਖਿਲਾਫ਼ ਭੰਡੀ ਪ੍ਰਚਾਰ ਦੇ ਸਾਧਨ ਵਜੋਂ ਵਰਤਿਆ ਜਾ ਰਿਹਾ ਹੈ। ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਸੰਘਰਸ਼ ਵਿਚ ਮਾੜੇ ਅਨਸਰਾਂ ਤੋਂ ਬਚਣ ਅਤੇ ਚੌਕਸੀ ਵਧਾਉਣ ਦੀ ਅਪੀਲ ਕੀਤੀ। ਉਪਰੋਕਤ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 500 ਤੋਂ ਵਧੇਰੇ ਕਿਸਾਨਾਂ ਦੀ ਮੌਤ ਹੋਣ ਉਪਰੰਤ ਵੀ ਦੇਸ਼ ਦੇ ਲੋਕਾਂ ਦੀ ਕੋਈ ਫ਼ਿਕਰ ਨਹੀਂ ਹੈ। ਜਿਸ ਤੋਂ ਸਰਕਾਰ ਦੀ ਨੀਤੀ ਸਾਫ਼ ਸਪੱਸ਼ਟ ਹੁੰਦੀ ਹੈ ਕਿ ਇਹ ਸਿਰਫ਼ ਸਰਮਾਏਦਾਰਾਂ ਦਾ ਹੀ ਪੱਖ ਪੂਰਨਾ ਚਾਹੁੰਦੀ ਹੈ, ਪਰ ਇਸ ਸੰਘਰਸ਼ ਵਿਚ ਹਰ ਵਰਗ ਦੇ ਲੋਕ ਸ਼ਾਮਲ ਹੋ ਕੇ ਹੰਕਾਰੀ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ।
ਟਿਕਰੀ ਬਾਰਡਰ ’ਤੇ ਹੋਈ ਮੰਦਭਾਗੀ ਘਟਨਾ ਦੀ ਨਿਖੇਧੀ
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਰਾਏਕੋਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਟਿਕਰੀ ਬਾਰਡਰ ’ਤੇ ਪੱਛਮੀ ਬੰਗਾਲ ਤੋਂ ਆਈ ਨੌਜਵਾਨ ਲੜਕੀ ਨਾਲ ਮੈਟਰੋ ਸਟੇਸ਼ਨ ’ਚ ਹੋਏ ਜਬਰ-ਜਨਾਹ ਦੀ ਜਥੇਬੰਦੀ ਵੱਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਮੀਟਿੰਗ ਵਿੱਚ ਮੰਗ ਕੀਤੀ ਗਈ ਕਿ ਅਸਲ ਦੋਸ਼ੀਆਂ ਦੀ ਸ਼ਨਾਖਤ ਕਰ ਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵਕਤ ਘੋਲ ਸਿਖਰਾਂ ’ਤੇ ਹੈ ਤੇ ਕੁੱਝ ਕਾਲੀਆਂ ਭੇਡਾਂ ਇਸ ਘੋਲ ਨੂੰ ਬਦਨਾਮ ਕਰਨ ਦੀ ਖਾਤਰ ਅੱਡੀ ਚੋਟੀ ਦਾ ਜ਼ੋਰ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰਾਂ ਦੀ ਸ਼ਨਾਖਤ ਕਰ ਕੇ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸੰਘਰਸ਼ ਵਿੱਚ ਸ਼ਾਮਲ ਹੋਣ ਦਾ ਡਰਾਮਾ ਕਰਕੇ ਸੰਘਰਸ਼ ਨੂੰ ਸੱਟ ਮਾਰਨ ਦੀ ਤਿਆਰੀ ਕਰ ਰਹੇ ਅਨਸਰਾਂ ਨੂੰ ਬੇਪਰਦਾ ਕਰ ਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਅੱਜ ਦੀ ਮੀਟਿੰਗ ਵਿਚ ਰਾਏਕੋਟ ਇਲਾਕੇ ਦੇ ਕਿਸਾਨ ਮਜ਼ਦੂਰ ਸ਼ਾਮਲ ਹੋਏ। ਉਨ੍ਹਾਂ ਇਸ ਘਟਨਾ ’ਤੇ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ। ਇਸ ਮੌਕੇ ਗੁਰਪ੍ਰੀਤ ਸਿੰਘ ਨੂਰਪੁਰਾ, ਚਰਨ ਸਿੰਘ ਕਲਸੀਆਂ ਹਾਜ਼ਰ ਸਨ।