ਖੇਤਰੀ ਪ੍ਰਤੀਨਿਧ
ਲੁਧਿਆਣਾ, 4 ਅਗਸਤ
ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਖਸਤਾ ਹਾਲਤ ਜੱਦੀ ਘਰ ਦੀ ਸਾਂਭ ਸੰਭਾਲ ਲਈ ਅੱਜ ਨੌਜਵਾਨ ਭਾਰਤ ਸਭਾ ਦੀ ਸੂਬਾ ਕਮੇਟੀ ਦੀ ਅਗਵਾਈ ਹੇਠ ਇਕ ਵਫਦ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਸੌੰਪਿਆ। ਸਭਾ ਦੇ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਚੌਂਦਾ ਅਤੇ ਸੂਬਾ ਕਮੇਟੀ ਮੈਂਬਰ ਕਰਮਜੀਤ ਸਿੰਘ ਮਾਣੂੰਕੇ ਨੇ ਕਿਹਾ ਕਿ ਅੰਗਰੇਜ਼ ਸਾਮਰਾਜ ਖਿਲਾਫ ਲੜਦਿਆਂ 19 ਸਾਲ ਦੀ ਉਮਰ ਵਿੱਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹਨ। ਪਰ ਇਸ ਸਮੇਂ ਸ਼ਹੀਦ ਸਰਾਭਾ ਦੇ ਜੱਦੀ ਘਰ ਦੀ ਹਾਲਤ ਬੇਹੱਦ ਖਸਤਾ ਹੋ ਚੁੱਕੀ ਹੈ। ਜੱਦੀ ਘਰ ਨੂੰ ਸਰਕਾਰ ਵੱਲੋਂ ਇਤਿਹਾਸਕ ਇਮਾਰਤ ਐਲਾਨ ਕਰਦਿਆਂ ਪੁਰਾਤੱਤਵ ਵਿਭਾਗ ਨੂੰ ਇਸ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਪਰ ਇਸ ਸਮੇਂ ਘਰ ਦੀਆਂ ਕੰਧਾਂ ਤੋਂ ਪਲੱਸਤਰ ਡਿੱਗ ਰਿਹਾ ਹੈ, ਛੱਤਾ ਚੋਅ ਰਹੀਆਂ ਹਨ। ਇਕ ਕਮਰੇ ਦੀ ਛੱਤ ਦਾ ਲੈਂਟਰ ਦੱਬ ਚੁੱਕਾ ਹੈ ਤੇ ਦਰਵਾਜ਼ੇ ਖਰਾਬ ਹੋ ਰਹੇ ਹਨ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕੀ ਸਰਾਭਾ ਦੇ ਜੱਦੀ ਘਰ ਦੀ ਮੁਰੰਮਤ ਦਾ ਕੰਮ ਸ਼ੁੁਰੂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਲੁਧਿਆਣਾ ਸਥਿਤ ਪੰਜਾਬ ਖੇਤੀਬਾੜੀ ਯੁੂਨੀਵਰਸਿਟੀ ਦਾ ਨਾਮ ਬਦਲ ਕੇ ਸ਼ਹੀਦ ਕਰਤਾਰ ਸਿੰਘ ਸ਼ਰਾਭਾ ਦੇ ਨਾਮ ’ਤੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕੀ ਜੇਕਰ ਮੁਰੰਮਤ ਦਾ ਕੰਮ ਜਲਦੀ ਸ਼ੁਰੂ ਨਾ ਕਰਵਾਇਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਨੌਜਵਾਨ ਭਾਰਤ ਸਭਾ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨੌਜਵਾਨ ਭਾਰਤ ਸਭਾ ਦੇ ਜ਼ਿਲ੍ਹਾ ਆਗੂ ਅਮ੍ਰਿਤ ਸਿੰਘ ਗੋਸਲਾ, ਗੋਪੀ ਸਿਓੜਾ, ਹਰਪ੍ਰੀਤ ਗੋਸਲਾ, ਨੀਲਾ ਫੇਰੂਰਾਈ ਆਦਿ ਹਾਜ਼ਰ ਸਨ।