ਖੇਤਰੀ ਪ੍ਰਤੀਨਿਧ
ਲੁਧਿਆਣਾ, 10 ਅਪਰੈਲ
ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਪ੍ਰੀਖਿਆ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਵਜੋਂ ਇਕੱਠੇ ਕੀਤੇ ਕਰੋੜਾ ਰੁਪਏ ਬੱਚਿਆਂ ਦੇ ਮਾਪਿਆਂ ਨੂੰ ਵਾਪਸ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਸਰਪ੍ਰਸਤ ਚਰਨ ਸਿੰਘ ਸਰਾਭਾ, ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਗੁਰਪ੍ਰੀਤ ਮਾੜੀ ਮੇਘਾ ਤੇ ਹੋਰਾਂ ਨੇ ਕਿਹਾ ਕਿ ਵਿਦਿਅਕ ਸੈਸ਼ਨ 2019-20 ਦੀਆਂ ਉਕਤ ਜਮਾਤਾਂ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਕਰੋਨਾ ਮਹਾਮਾਰੀ ਕਾਰਨ ਅੱਧ ਵਿਚਕਾਰ ਰੋਕਣੀਆਂ ਪਈਆਂ ਸਨ। ਇਸੇ ਤਰ੍ਹਾਂ ਵਿਦਿਅਕ ਸੈਸ਼ਨ 2020-21 ਲਈ ਮੈਟ੍ਰਿਕ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਕਰੋਨਾ ਦੀ ਭੇਟ ਚੜ੍ਹ ਗਈਆਂ। ਇਨ੍ਹਾਂ ਦੋ ਸਾਲਾਂ ਦੌਰਾਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਪ੍ਰੀਖਿਆ ਅਤੇ ਪ੍ਰਯੋਗੀ ਪ੍ਰੀਖਿਆ ਫੀਸਾਂ ਦੇ ਨਾਂ ’ਤੇ ਕਥਿਤ ਤੌਰ ’ਤੇ 180 ਕਰੋੜ ਰੁਪਏ ਦੀ ਰਕਮ ਇਕੱਠੀ ਕੀਤੀ ਗਈ। ਅਧਿਆਪਕ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਤੋਂ ਮੰਗ ਕੀਤੀ ਕਿ ਉਕਤ ਰਕਮ ਤੁਰੰਤ ਬੱਚਿਆਂ ਦੇ ਮਾਪਿਆਂ ਨੂੰ ਵਾਪਸ ਕੀਤੀ ਜਾਵੇ।