ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 15 ਨਵੰਬਰ
ਪੰਜਾਬ ਸਰਕਾਰ ਨੇ ਅਣ-ਅਧਿਕਾਰਤ ਕਲੋਨੀਆਂ ਅੰਦਰ 500 ਗਜ਼ ਦੇ ਰਕਬੇ ਤੋਂ ਘੱਟ ਵਾਲੇ ਪਲਾਟਾਂ ਦੀ ਰਜਿਸਟਰੀ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਤੇ ਇਸ ਨੋਟੀਫਿਕੇਸ਼ਨ ਉੱਪਰ ਪੰਜਾਬ ਦੇ ਰਾਜਪਾਲ ਵਲੋਂ ਵੀ ਮੋਹਰ ਲਾ ਦਿੱਤੀ ਗਈ ਹੈ। ਇਸ ਬਾਰੇ ਪੰਜਾਬ ਸਰਕਾਰ ਦੇ ਵੱਖ ਵੱਖ ਮੰਤਰੀ ਅਤੇ ਖੁਦ ਮੁੱਖ ਮੰਤਰੀ ਵੀ ਲੋਕਾਂ ਨੂੰ ਭਰੋਸਾ ਦੇ ਚੁੱਕੇ ਹਨ ਕਿ ਹੁਣ ਰਜਿਸਟਰੀ ਕਰਾਉਣ ਸਮੇਂ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਵੇਗੀ। ਪਰ ਜਗਰਾਉਂ ਤਹਿਸੀਲ ਅੰਦਰ ਅਣ-ਅਧਿਕਾਰਤ ਕਲੋਨੀਆਂ ਅੰਦਰ ਖਰੀਦੇ ਪਲਾਟਾਂ ਦੀਆਂ ਰਜਿਸਟਰੀਆਂ ਐੱਨਓਸੀ ਤੋਂ ਬਿਨਾਂ ਨਾ ਕੀਤੇ ਜਾਣ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਪ੍ਰਾਪਟਰੀ ਸਲਾਹਕਾਰ ਐਸੋਸੀਏਸ਼ਨ ਤੇ ਬਿਲਡਰ ਐਸੋਸੀਏਸ਼ਨ ਦੇ ਵਫ਼ਦ ਨੇ ਨਾਇਬ ਤਹਿਸੀਲਦਾਰ ਸੁਰਿੰਦਰ ਪੱਬੀ ਨਾਲ ਮੁਲਾਕਾਤ ਕੀਤੀ ਤੇ ਮੰਗ-ਪੱਤਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਰਜਿਸਟਰੀ ਬਿਨਾਂ ਐੱਨਓਸੀ ਤੋਂ ਕੀਤੀਆਂ ਜਾਣ। ਨਾਇਬ ਤਹਿਸੀਲਦਾਰ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹੀ ਰਜਿਸਟਰੀਆਂ ਕੀਤੀਆਂ ਜਾ ਰਹੀਆਂ ਹਨ।