ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 21 ਅਪਰੈਲ
ਸ਼੍ਰੋਮਣੀ ਅਕਾਲੀ ਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਕੀਤਾ ਜਾਵੇ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਬਾਈ ਬਲਵੰਤ ਸਿੰਘ ਰਾਜੋਆਣਾ ਤੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ 8 ਬੰਦੀ ਸਿੰਘਾਂ ਦੀ ਰਿਹਾਈ ਦਾ ਫ਼ੈਸਲਾ 2019 ਵਿੱਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ’ਤੇ ਲਿਆ ਸੀ ਪਰ ਇਸ ਬਾਰੇ ਨੋਟੀਫਿਕੇਸ਼ਨ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਹਿਮ ਦੀ ਪਟੀਸ਼ਨ ’ਤੇ 10 ਸਾਲ ਤੱਕ ਫ਼ੈਸਲਾ ਨਾ ਲੈਣਾ ਭਾਈ ਰਾਜੋਆਣਾ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਐੱਮਪੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ।