ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਜੂਨ
ਇੱਥੇ ਅੱਜ ਫਾਰਮਾਸਿਸਟ ਯੂਨਾਈਟਿਡ ਫ਼ਰੰਟ ਦੇ ਇਕ ਵਫ਼ਦ ਵੱਲੋਂ ਐੱਸਬੀਓ ਡਾ. ਸੁਖਜਿੰਦਰ ਸਿੰਘ ਨੂੰ ਮਿਲ ਕੇ ਆਪਣੀਆਂ ਹੱਕੀ ਮੰਗਾਂ ਸਬੰਧੀ ਪਸ਼ੂ ਪਾਲਣ ਵਿਭਾਗ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਦੇ ਨਾਂ ਇਕ ਮੰਗ ਪੱਤਰ ਸੌਂਪਿਆ ਗਿਆ। ਰੂਰਲ ਵੈਟਰਨਰੀ ਫਾਰਮਾਸਿਸਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਰਾਓ, ਬਿਕਰਮਜੀਤ ਸਿੰਘ, ਗੁਰਸੇਵਕ ਸਿੰਘ, ਅਮਨਦੀਪ ਸਿੰਘ, ਬੂਟਾ ਸਿੰਘ ਆਦਿ ਨੇ ਕਿਹਾ ਕਿ ਉਹ ਵਿਭਾਗ ’ਚ ਪਿਛਲੇ 16 ਸਾਲਾਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਅਜੇ ਤੱਕ ਰੈਗੂਲਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਿਲਦੀ ਨਾਮਾਤਰ ਤਨਖਾਹ ਵੀ ਤਿੰਨ ਮਹੀਨੇ ਤੋਂ ਨਹੀਂ ਮਿਲੀ ਹੈ ਜਿਸ ਕਾਰਨ ਉਨ੍ਹਾਂ ਦੇ ਪਰਿਵਾਰਾਂ ਦਾ ਗੁਜ਼ਾਰਾ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ ਜਾ ਰਹੀ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਉਨ੍ਹਾਂ ਨਾਲ ਸਿਰਫ਼ ਧੱਕੇਸ਼ਾਹੀ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ 10 ਜੂਨ ਤੋਂ ਉਹ ਗਰਭਧਾਰਨ ਲਈ ਲਗਾਏ ਜਾਣ ਵਾਲੇ ਟੀਕਿਆਂ ਦਾ ਬਾਈਕਾਟ ਕਰਨਗੇ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਾ ਕੀਤੀਆਂ ਤਾਂ ਵੱਡਾ ਮੋਰਚਾ ਆਰੰਭਿਆ ਜਾਵੇਗਾ।