ਨਿੱਜੀ ਪੱਤਰ ਪ੍ਰੇਰਕ
ਖੰਨਾ, 6 ਸਤੰਬਰ
ਆਮ ਆਦਮੀ ਪਾਰਟੀ ਦੇ ਆਗੂਆਂ ਨੇ ਨਵਜੋਤ ਸਿੰਘ ਦੀ ਅਗਵਾਈ ਹੇਠ ਮੁੱਖ ਮੰਤਰੀ ਦੇ ਨਾਂ ਡੀ.ਸੀ ਲੁਧਿਆਣਾ ਨੂੰ ਮੰਗ ਪੱਤਰ ਸੌਂਪਦਿਆਂ ਪਟਵਾਰੀਆਂ ਦੀਆਂ ਰੈਗੂਲਰ ਅਸਾਮੀਆਂ ’ਚ ਵਾਧਾ ਕਰਨ ਤੇ ਸੇਵਾ ਮੁਕਤ ਪਟਵਾਰੀਆਂ ਦੀ ਮੁੜ ਭਰਤੀ ਨਾ ਕਰਨ ਦੀ ਮੰਗ ਕੀਤੀ। ਇਸ ਮੌਕੇ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਦੇ ਲੱਖਾਂ ਨੌਜਵਾਨ ਹਰ ਰੋਜ਼ ਬੇਰੁਜ਼ਗਾਰੀ ਦੀ ਮਾਰ ਝੱਲਦੇ ਹੋਏ ਨੌਕਰੀ ਦੀ ਮੰਗ ਕਰਦੇ ਧਰਨੇ ਪ੍ਰਦਰਸ਼ਨ ਕਰ ਰਹੇ ਹਨ। ਕਾਂਗਰਸ ਨੇ ਚੋਣਾਂ ਦੌਰਾਨ ਨੌਜਵਾਨਾਂ ਨੂੰ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਕਾਂਗਰਸ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ 8 ਹਜ਼ਾਰ ਪਿੰਡਾਂ ਵਿਚ ਪਟਵਾਰੀਆਂ ਦੀਆਂ ਅਸਾਮੀਆਂ ਖਾਲੀ ਹਨ, ਜਿਸ ਕਾਰਨ ਪਿੰਡਾਂ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੁਝ ਸਮਾਂ ਪਹਿਲਾਂ ਮਹਿਜ਼ 1090 ਅਸਾਮੀਆਂ ਕੱਢ ਕੇ ਨੌਜਵਾਨਾਂ ਨਾਲ ਮਜ਼ਾਕ ਕੀਤਾ ਤੇ ਨੌਕਰੀ ਦੀ ਝਾਕ ਵਿਚ 2 ਲੱਖ 33 ਹਜ਼ਾਰ ਨੌਜਵਾਨਾਂ ਨੇ ਅਪਲਾਈ ਕੀਤਾ, ਜਿਸ ਤੋਂ ਸਰਕਾਰ ਨੇ ਕਰੋੜਾਂ ਰੁਪਏ ਇਕੱਠੇ ਕਰ ਲਏ।
ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਦੇ ਹੱਕਾਂ ’ਤੇ ਡਾਕਾ ਮਾਰਦਿਆਂ ਸਰਕਾਰ 1766 ਸੇਵਾ ਮੁਕਤ ਪਟਵਾਰੀਆਂ ਦੀਆਂ ਸੇਵਾਵਾਂ ਲੈਣ ਦੀਆਂ ਤਿਆਰੀਆਂ ਕਰ ਰਹੀ ਹੈ, ਜੋ ਕਾਂਗਰਸ ਸਰਕਾਰ ਦਾ ਨੌਜਵਾਨਾਂ ਨਾਲ ਵੱਡਾ ਧੱਕਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹਰਭੁਪਿੰਦਰ ਸਿੰਘ ਧਰੌੜ, ਗੁਰਦਰਸ਼ਨ ਸਿੰਘ ਕੂਹਲੀ, ਜਗਜੀਵਨਪਾਲ ਸਿੰਘ ਖੀਰਨੀਆਂ, ਜਗਤਾਰ ਸਿੰਘ, ਸੁਖਮਨਜੀਤ ਸਿੰਘ, ਹਰਬੰਸ ਸਿੰਘ, ਅਮਨ ਮੋਹੀ, ਹਰਜੀਤ ਮਾਂਗਟ, ਸਵਰਨ ਸਿੰਘ ਛਿੱਬਰ, ਗੁਰਮਿੰਦਰ ਸਿੰਘ, ਮਨਜੀਤ ਸਿੰਘ ਆਦਿ ਹਾਜ਼ਰ ਸਨ।