ਖੇਤਰੀ ਪ੍ਰਤੀਨਿਧ
ਲੁਧਿਆਣਾ, 6 ਜੂਨ
ਡੈਮੋਕ੍ਰੈਟਿਕ ਮੁਲਾਜ਼ਮ ਫੈੱਡਰੇਸ਼ਨ ਪੰਜਾਬ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਕਿਸਾਨ ਮੋਰਚੇ ਵਿੱਚ ਮੁਲਾਜ਼ਮਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈ਼ਸਲਾ ਕੀਤਾ ਗਿਆ ਹੈ। ਇਹ ਖੁਲਾਸਾ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ, ਜਨਰਲ ਸਕੱਤਰ ਰਮਨਜੀਤ ਸਿੰਘ ਸੰਧੂ ਅਤੇ ਜੁਆਇੰਟ ਸਕੱਤਰ ਹਰਜੀਤ ਕੌਰ ਸਮਰਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਇਨ੍ਹਾਂ ਆਗੂਆਂ ਨੇ ਦੱਸਿਆ ਕਿ ਫੈੱਡਰੇਸ਼ਨ ਦੇ ਸੱਦੇ ਉੱਪਰ ਵੱਖ-ਵੱਖ ਪੰਜਾਬ ਦੀਆਂ ਇਕਾਈਆਂ ਦੇ ਮੁਲਾਜ਼ਮ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ 9 ਜੂਨ ਨੂੰ ਸਿੰਘੂ ਬਾਰਡਰ ਅਤੇ 10 ਜੂਨ ਨੂੰ ਟਿਕਰੀ ਬਾਰਡਰ ਦੇ ਮੋਰਚਿਆਂ ਵਿੱਚ ਸ਼ਾਮਲ ਹੋਣਗੇ ਅਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਦੀ ਵੱਧ ਚੜ੍ਹ ਕੇ ਆਰਥਿਕ ਮਦਦ ਕਰਨ ਦੇ ਨਾਲ ਨਾਲ ਲੰਗਰਾਂ ਲਈ ਰਸਦ ਪਾਣੀ ਪਹੁੰਚਾਉਣਗੇ। ਇਸ ਮੌਕੇ ਡੀਟੀਐੱਫ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ, ਰੁਪਿੰਦਰਪਾਲ ਸਿੰਘ, ਜੰਗਪਾਲ ਸਿੰਘ ਰਾਏਕੋਟ, ਪਰਮਜੀਤ ਸਿੰਘ ਤੇ ਰਵੀ ਸਿੰਘ ਹਾਜ਼ਰ ਸਨ।