ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਅਗਸਤ
ਡੈਮੋਕ੍ਰੈਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਲੁਧਿਆਣਾ ਵੱਲੋਂ ਹਰਜੀਤ ਕੌਰ ਸਮਰਾਲਾ ਅਤੇ ਕੁਲਦੀਪ ਲਾਲ ਸੇਲਕਿਆਣਾ ਮੱਤੇਵਾੜਾ ਦੀ ਅਗਵਾਈ ਹੇਠ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੰਗ ਪੱਤਰ ਰਾਹੀਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇ।
ਆਗੂਆਂ ਨੇ ਕਿਹਾ ਕਿ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਅਜਿਹੇ ਵਰਕਰਾਂ ਦੀ ਉਮਰ ਹੱਦ ਵੀ ਲੰਘ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਬਣੀ ਨੂੰ ਪੰਜ ਮਹੀਨੇ ਦਾ ਸਮਾਂ ਬੀਤ ਚੁੱਕਾ ਹੈ ਪਰ ਹਾਲੇ ਤੱਕ ਸਰਕਾਰ ਵੱਲੋਂ ਬਣਾਈ ਸਬ-ਕਮੇਟੀ ਮੀਟਿੰਗਾਂ ਕਰ ਕੇ ਹੀ ਸਮਾਂ ਟਪਾ ਰਹੀ ਹੈ। ਜੰਗਲਾਤ ਵਰਕਰਾਂ ਦੇ ਮਨ ਵਿੱਚ ਡਰ ਹੈ ਕਿ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕਿਤੇ ਲਾਰਿਆਂ ਵਿੱਚ ਹੀ ਨਾ ਛੱਡ ਦੇਵੇ। ਆਗੂਆਂ ਨੇ ਵਿਧਾਇਕ ਹਰਦੀਪ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਪੱਧਰ ’ਤੇ ਜਥੇਬੰਦੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿਵਾਉਣ। ਇਸ ਤੋਂ ਇਲਾਵਾ ਵਰਕਰਾਂ ਦੀਆਂ ਰਹਿੰਦੀਆਂ ਚਾਰ ਮਹੀਨਿਆਂ ਦੀਆਂ ਤਨਖਾਹਾਂ ਦਾ ਬਜਟ ਰਿਲੀਜ਼ ਕਰਨ ਦੀ ਅਪੀਲ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਜੰਗਲਾਤ ਵਰਕਰਾਂ ਨੂੰ ਖਾਲੀ ਟਿਫਨ ਲੈ ਕੇ ਆਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕ ਜੇਕਰ ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਵਰਕਰਾਂ ਲਈ ਬਜਟ ਅਲਾਟ ਨਾ ਕੀਤਾ ਤਾਂ ਵਰਕਰਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ।