ਜੋਗਿੰਦਰ ਸਿੰਘ ਓਬਰਾਏ
ਖੰਨਾ, 11 ਜੂਨ
ਇੱਥੇ ਅੱਜ ਪਾਵਰਕੌਮ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਸਰਕਲ ਖੰਨਾ ਵੱਲੋਂ ਪਰਿਵਾਰਾਂ ਸਮੇਤ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਧਰਨਾ ਲਗਾਇਆ ਗਿਆ।
ਇਸ ਦੌਰਾਨ ਸੰਬੋਧਨ ਕਰਦਿਆਂ ਡਿਵੀਜ਼ਨ ਪ੍ਰਧਾਨ ਅਵਤਾਰ ਸਿੰਘ ਜਗਵਿੰਦਰ ਸਿੰਘ, ਦਮਨਪ੍ਰੀਤ ਸਿੰਘ, ਜਗਤਾਰ ਸਿੰਘ ਅਤੇ ਰਾਮਜੀਤ ਸਿੰਘ ਨੇ ਕਿਹਾ ਕਿ ਕਰੋਨਾਵਾਇਰਸ ਦੌਰਾਨ ਪਾਵਰਕੌਮ ਸੀਐੱਚਬੀ ਠੇਕਾ ਕਾਮੇ ਐਮਰਜੈਂਸੀ ਡਿਊਟੀਆਂ ਨਿਭਾਅ ਰਹੇ ਹਨ ਪਰ ਉਨ੍ਹਾਂ ਦੀ ਹੌਸਲਾ ਅਫਜਾਈ ਕਰਨ ਦੀ ਥਾਂ 150 ਤੋਂ ਵਧੇਰੇ ਕਾਮਿਆਂ ਦਾ ਰੁਜ਼ਗਾਰ ਖੋਹਿਆ ਜਾ ਰਿਹਾ ਹੈ ਜਿਸ ਕਾਰਨ ਮਜਬੂਰ ਹੋ ਕੇ ਕਾਮੇ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਪਾਵਰਕੌਮ ਮਨੇਜਮੈਂਟ ਨਾਲ ਸੰਘਰਸ਼ ਦੌਰਾਨ ਮੀਟਿੰਗ ਵੀ ਹੋਈ ਅਤੇ ਮੰਤਰੀਆਂ ਤੇ ਵਿਧਾਇਕਾ ਨੂੰ ਵੀ ਡੈਪੂਟੇਸ਼ਨ ਮਿਲਿਆ ਪਰ ਮਸਲੇ ਦਾ ਕੋਈ ਹੱਲ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਕੇਂਦਰ, ਪੰਜਾਬ ਸਰਕਾਰ ਤੇ ਕਿਰਤ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਕਿ ਕਿਸੇ ਵੀ ਕਾਮੇ ਦੀ ਛਾਂਟੀ ਨਹੀਂ ਕੀਤੀ ਜਾਵੇਗੀ ਪਰ ਪਾਵਰਕੌਮ ਮੈਨੇਜਮੈਂਟ ਵੱਲੋਂ ਪੱਤਰਾਂ ਦੀ ਉਲੰਘਣਾ ਕਰਦੇ ਹੋਏ ਛਾਂਟੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਛਾਂਟੀਆਂ ਦੀ ਨੀਤੀ ਰੱਦ ਕੀਤੀ ਜਾਵੇ, ਕੱਢੇ ਕਾਮਿਆਂ ਨੂੰ ਬਹਾਲ ਕੀਤਾ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਜਗਦੇਵ ਸਿੰਘ, ਚਲਕੋਰ ਸਿੰਘ ਅਤੇ ਸੁਦਾਗਰ ਸਿੰਘ ਘੁਡਾਣੀ ਨੇ ਵੀ ਆਪਣੇ ਵਿਚਾਰ ਰੱਖੇ।