ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 17 ਮਈ
ਗਿੱਲ ਰੋਡ ਸਥਿਤ ਗੁਰੂ ਨਾਨਕ ਨਗਰ ਇਲਾਕੇ ਵਿੱਚ ਅੱਜ ਲੋਕਾਂ ਨੇ ਨਗਰ ਨਿਗਮ ਤੇ ਗਲਾਡਾ ਅਧਿਕਾਰੀਆਂ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਲਾਕੇ ਦੋ ਲੋਕਾਂ ਨੇ ਦੋਸ਼ ਲਗਾਏ ਕਿ ਇਸ ਇਲਾਕੇ ਵਿੱਚ 70 ਘਰਾਂ ਦੇ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਗਏ ਹਨ। ਲੋਕਾਂ ਨੇ ਦੋਸ਼ ਲਗਾਏ ਕਿ ਇਹ ਇਲਾਕਾ ਗਲਾਡਾ ਦੇ ਅਧੀਨ ਆਉਂਦਾ ਹੈ, ਜਿਸ ਵਿੱਚ 2017 ਵਿੱਚ ਸੀਵਰੇਜ ਦਾ ਕੁਨੈਕਸ਼ਨ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਵੱਲੋਂ ਲਗਵਾਇਆ ਗਿਆ ਸੀ।
ਗੁੱਸੇ ਵਿੱਚ ਆਏ ਲੋਕਾਂ ਨੇ ਦੋਸ਼ ਲਗਾਏ ਕਿ 70 ਘਰਾਂ ਦੇ ਕੁਨੈਕਸ਼ਨ ਕੱਟਣ ਤੋਂ ਪਹਿਲਾਂ ਇੱਕ ਵਾਰ ਵੀ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਕੋਈ ਨੋਟਿਸ ਨਹੀਂ ਦਿੱਤਾ। ਇਸ ਤੋਂ ਬਾਅਦ ਹੁਣ ਸੀਵਰੇਜ ਦਾ ਪਾਣੀ ਸੜਕਾਂ ’ਤੇ ਆ ਗਿਆ ਹੈ। ਪੰਚਾਇਤ ਮੈਂਬਰ ਸਤੀਸ਼ ਕੁਮਾਰ ਨੇ ਕਿਹਾ ਕਿ ਸਿਰਫ਼ ਉਨ੍ਹਾਂ ਦੇ ਇਲਾਕੇ ਨੂੰ ਨਗਰ ਨਿਗਮ ਵੱਲੋਂ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਨੈਕਸ਼ਨ ਕੱਟਣ ਤੋਂ ਪਹਿਲਾਂ ਨਗਰ ਨਿਗਮ ਦੇ ਮੁਲਾਜ਼ਮਾਂ ਨੂੰ ਗੱਲ ਕਰਨੀ ਚਾਹੀਦੀ ਸੀ। ਨਗਰ ਨਿਗਮ ਦੇ ਇੰਜਨੀਅਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਨਾਜਾਇਜ਼ ਕਲੋਨੀਆਂ ਵਿੱਚ ਸੀਵਰੇਜ਼ ਕੁਨੈਕਸ਼ਨ ਕੱਟੇ ਜਾ ਰਹੇ ਹਨ। ਕਲੋਨੀ ਵਾਲਿਆਂ ਨੇ ਗਲਤ ਤਰੀਕੇ ਦੇ ਨਾਲ ਕੁਨੈਕਸ਼ਨ ਜੋੜਿਆ ਹੋਇਆ ਸੀ, ਜਿਸ ਨੂੰ ਕੱਟ ਦਿੱਤਾ ਗਿਆ ਹੈ।