ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਫਰਵਰੀ
ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਆਪਣੀ ਰੋਜ਼ੀ-ਰੋਟੀ ਕਮਾਉਣ ਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹੇ ਦੇ 136 ਬੇਰੁਜ਼ਗਾਰ ਨੌਜਵਾਨਾਂ ਨੂੰ ਸਟੇਜ ਕੈਰੇਜ ਰੂਰਲ ਬੱਸ ਪਰਮਿਟ ਵੰਡਣ ਦੀ ਸ਼ੁਰੂਆਤ ਕੀਤੀ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਰਾਂਸਪੋਰਟ ਵਿਭਾਗ ਦੀਆਂ ਵੱਖ-ਵੱਖ ਪਹਿਲਕਦਮੀਆਂ ਦੀ ਆਨਲਾਈਨ ਲਾਂਚਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਨੂੰ ਰੂਰਲ ਬੱਸ ਪਰਮਿਟ ਵੰਡੇ ਗਏ। ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ ਦੀ ਹੋਮ ਡਿਲੀਵਰੀ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਇਸ ਪ੍ਰਣਾਲੀ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।