ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 1 ਅਪਰੈਲ
ਕਰੋਨਾ ਮਹਾਮਾਰੀ ਕਾਰਨ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੋ ਗਿਆ ਹੈ। ਬਚਤ ਭਵਨ ਵਿੱਚ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਅਨਾਜ ਦੀ ਖਰੀਦ ਸਮੇਂ ਕਿਸਾਨਾਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਹੋਈ 8.99 ਲੱਖ ਮੀਟਰਿਕ ਟਨ ਦੀ ਖਰੀਦ ਦੇ ਮੁਕਾਬਲੇ ਮੌਜੂਦਾ ਮਾਰਕੀਟਿੰਗ ਸੀਜ਼ਨ ਵਿਚ ਅਨਾਜ ਮੰਡੀਆਂ ਵਿਚ 9 ਲੱਖ ਮੀਟਰਿਕ ਟਨ ਦੀ ਉਮੀਦ ਹੈ।
ਡੀਸੀ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵੇਲੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਖਰੀਦ ਦੇ ਨਾਲ ਨਾਲ ਕਰੋਨਾ ਮਹਾਮਾਰੀ ਦੇ ਫੈਲਣ ਨੂੰ ਰੋਕਣਾ ਵੀ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਪਹਿਲੀ ਤਰਜੀਹ ਹੈ ਅਤੇ ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਖੁਰਾਕ ਉਤਪਾਦਕਾਂ ਦੇ ਸੁਨਹਿਰੀ ਦਾਣਿਆਂ ਦੀ ਖਰੀਦ ਕੀਤੀ ਜਾਵੇਗੀ।