ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਜੁਲਾਈ
ਪੰਜਾਬੀ ਲੇਖਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਨਵੀਂ ਪੁਸਤਕ ‘ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ’ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਪੁਰਾਣੀ ਸਬਜ਼ੀ ਮੰਡੀ ਵਿੱਚ ਸਾਬਕਾ ਜੇਲ੍ਹ ਤੇ ਸੈਰ ਸਪਾਟਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਵੱਲੋਂ ਰਿਲੀਜ਼ ਕੀਤੀ ਗਈ। ਜਥੇਦਾਰ ਗਾਬੜੀਆ ਨੇ ਲੇਖਕਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਬਾਰੇ ਪੁਸਤਕ ਲਿਖ ਕੇ ਡਾ. ਮਿਨਹਾਸ ਨੇ ਸ਼ਲਾਘਾਯੋਗ ਕਾਰਜ ਕੀਤਾ ਹੈ।
ਉਨ੍ਹਾਂ ਇਸ ਪੁਸਤਕ ਦੀਆਂ ਕੁਝ ਕਾਪੀਆਂ ਕਾਲਜ ਨੂੰ ਦੇਣ ਲਈ ਵੀ ਕਿਹਾ ਤਾਂ ਜੋ ਨੌਜਵਾਨ ਪੀੜ੍ਹੀ ਇਸ ਨੂੰ ਪੜ੍ਹ ਕੇ ਸੇਧ ਪ੍ਰਾਪਤ ਕਰ ਸਕੇ। ਬਾਬਾ ਅਜੀਤ ਸਿੰਘ ਨੇ ਕਿਹਾ ਕਿ ਇਸ ਪੁਸਤਕ ਵਿੱਚ ਲੇਖਕਾ ਨੇ ਬਾਬਾ ਦੀਪ ਸਿੰਘ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੀ ਸ਼ਹੀਦੀ ਤੱਕ ਦਾ ਬਿਰਤਾਂਤ ਬਾਖੂਬੀ ਸਿਰਜਿਆ ਹੈ। ਉਨ੍ਹਾਂ ਗੁਰਬਾਣੀ ਦੀਆਂ ਪੰਕਤੀਆਂ, ਕਾਵਿ-ਤੁਕਾਂ ਤੇ ਅਨਮੋਲ ਮੋਤੀਆਂ ਵਰਗੇ ਵਿਚਾਰਾਂ ਨਾਲ ਪੁਸਤਕ ਨੂੰ ਸ਼ਿੰਗਾਰਿਆ ਤੇ ਪ੍ਰਭਾਵਸ਼ਾਲੀ ਬਣਾਇਆ ਹੈ। ਲੇਖਕਾ ਡਾ. ਮਿਨਹਾਸ ਨੇ ਕਿਹਾ ਕਿ ਉਹ ਇਸ ਕਾਰਜ ਲਈ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਨ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਕੁਲਵਿੰਦਰ ਕੌਰ ਮਿਨਹਾਸ ਨੂੰ ਸਨਮਾਨਿਤ ਵੀ ਕੀਤਾ ਗਿਆ।