ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 15 ਅਕਤੂਬਰ
ਕਰੋਨਾ ਦੇ ਇਸ ਦੌਰ ਵਿੱਚ ਦਸਹਿਰਾ ਕਿਵੇਂ ਮਨਾਉਣਾ ਲਈ, ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੇ ਦਸਹਿਰਾ ਕਮੇਟੀਆਂ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਇਸ ਦੌਰਾਨ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਸਬੰਧੀ ਸਾਵਧਾਨੀਆਂ ਵਰਤਦੇ ਹੋਏ ਜ਼ਰੂਰੀ ਨਿਰਦੇਸ਼ਾਂ ਦੀ ਪਾਲਣਾ ਜਰੂਰ ਕਰਨ ਤੇ ਸਮਾਗਮਾਂ ਨੂੰ ਸੰਖੇਪ ਰੱਖਣ।
ਡਿਪਟੀ ਕਮਿਸ਼ਨਰ ਅਤੇ ਪੁਲੀਸ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਦਸਹਿਰਾ ਕਮੇਟੀਆਂ ਨਾਲ ਸਾਂਝੇ ਤੌਰ ’ਤੇ ਇਕ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੇ ਸੁਝਾਅ ਦੇ ਨਾਲ-ਨਾਲ ਯੋਜਨਾਬੰਦੀ ਵੀ ਕੀਤੀ ਗਈ ਕਿ ਸਾਰੇ ਕੋਵੀਡ-19 ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਤਿਉਹਾਰ ਕਿਵੇਂ ਮਨਾਇਆ ਜਾਵੇ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਪ੍ਰਬੰਧਕ ਇਸ ਤਿਉਹਾਰ ਨੂੰ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਕਰਦਿਆਂ ਜਸ਼ਨਾਂ ਨੂੰ ਸੰਖੇਪ ਵਿੱਚ ਰੱਖਣ। ਉਨ੍ਹਾਂ ਕਿਹਾ ਕਿ ਜੇਕਰ ਇੱਕਠ ਵਿੱਚ ਕਿਸੇ ਨੇ ਮਾਸਕ ਨਹੀਂ ਪਾਇਆ ਤਾਂ ਉਨ੍ਹਾਂਂ ਨੂੰ ਮਾਸਕ ਮੁਹੱਈਆਂ ਕਰਵਾਉਣ, ਸਮਾਜਿਕ ਦੂਰੀ ਬਣਾਈ ਰੱਖਣ ਦੇ ਨਾਲ ਹਰ ਪ੍ਰਵੇਸ਼ ਦੁਆਰ ’ਤੇ ਸੈਨੇਟਾਈਜ਼ਰ ਅਤੇ ਹੱਥ ਧੋਣ ਦੀ ਸਹੂਲਤ ਮੁਹੱਈਆ ਕਰਵਾਉਣੀ ਲਾਜ਼ਮੀ ਹੈ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਕੁਝ ਸਥਾਨਕ ਚੈਨਲ ਜਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਨਾਲ ਤਾਲਮੇਲ ਕਰਕੇ ਆਪਣੇ ਪ੍ਰੋਗਰਾਮਾਂ ਨੂੰ ਲਾਈਵ ਚਲਾਉਣ ਲਈ ਕਿਹਾ ਜੋ ਇਕੱਠ ਨੂੰ ਘੱਟ ਰੱਖਣ ਵਿੱਚ ਸਹਾਇਤਾ ਕਰੇਗਾ ਅਤੇ ਲੋਕਾਂ ਨੂੰ ਖਾਸ ਤੌਰ ’ਤੇ ਬਜ਼ੁਰਗਾਂ ਤੇ ਬੱਚਿਆਂ ਨੂੰ ਸਿੱਧਾ ਪ੍ਰਸਾਰਣ ਦਿਖਾ ਕੇ ਭੀੜ ਵਿੱਚ ਜਾਣ ਤੋਂ ਬਚਾਇਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਦਸਹਿਰਾ ਕਮੇਟੀਆਂ ਨੂੰ ਸਹਿਯੋਗ ਦੀ ਅਪੀਲ ਕਰਦਿੰਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਉਨ੍ਹਾਂ ਦੀ ਹਰ ਪੱਖੋਂ ਸਹਾਇਤਾ ਲਈ ਤਿਆਰ ਹੈ।
ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਪ੍ਰਬੰਧਕਾਂ ਨੂੰ ਕਿਹਾ ਕਿ ਉਹ ਝੂਲੇ, ਲੰਗਰ, ਸਟਾਲ ਅਤੇ ਮਨੋਰੰਜਨ ਵਰਗੇ ਮੇਲੇ ਲਗਾਉਣ ਤੋਂ ਪਰਹੇਜ਼ ਕਰਨ ਕਿਉਂਕਿ ਇਸ ਦੇ ਨਤੀਜੇ ਵਜੋਂ ਭਾਰੀ ਇਕੱਠ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਰਾਵਣ ਦਹਿਨ ਦੀ ਆਗਿਆ ਹੈ ਪਰ ਉਨ੍ਹਾਂ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਿੱਚ ਲੋਕਾਂ ਦੀ ਘੱਟ ਤੋਂ ਘੱਟ ਸ਼ਮੂਲੀਅਤ ਹੋਵੇ। ਇਸ ਮੌਕੇ ਦਸਹਿਰਾ ਕਮੇਟੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।