ਗਗਨਦੀਪ ਅਰੋੜਾ
ਲੁਧਿਆਣਾ, 23 ਅਕਤੂਬਰ
ਤਿਉਹਾਰਾਂ ਦੇ ਸੀਜ਼ਨ ਦੌਰਾਨ ਕਰੋਨਾ ਵਾਇਰਸ ਨੂੰ ਠੱਲ੍ਹ ਪਾਉਣ ਲਈ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਿਹਤ ਵਿਭਾਗ ਨੂੰ ਜ਼ਿਲ੍ਹੇ ਵਿੱਚ ਕਰੋਨਾ ਸੈਪਲਿੰਗ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ’ਤੇ ਕਾਬੂ ਪਾਉਣ ਲਈ ਟੈਸਟਿੰਗ ’ਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਐਂਟਰੀ ਪੁਆਇੰਟਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ, ਸਕੂਲਾਂ, ਕਾਲਜਾਂ ਵਿੱਚ ਪੜ੍ਹਾਉਣ ਵਾਲੇ ਅਧਿਆਪਕ ਅਤੇ ਹੋਰ ਸਟਾਫ, ਹਸਪਤਾਲ, ਲੇਬਰ ਕਲੋਨੀਆਂ ਅਤੇ ਸੰਘਣੀ ਆਬਾਦੀ ਵਾਲੇ ਖੇਤਰ, ਉਦਯੋਗ, ਨਸ਼ਾ ਛੁਡਾਊ ਕੇਂਦਰ, ਜਿੰਮ ਅਤੇ ਹੋਰ ਸਥਾਨਾਂ ’ਤੇ ਸੈਂਪਲ ਲੈਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਵਿਸ਼ੇਸ਼ ਜਾਂਚ ਕੈਂਪ ਲਗਾਏ ਜਾਣ ਕਿਉਂਕਿ ਇਨ੍ਹਾਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਆਮਦ ਦੀ ਉਮੀਦ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਆਪਣੀਆਂ ਦੁਕਾਨਾਂ ’ਤੇ ਆਉਣ ਵਾਲੇ ਗਾਹਕਾਂ ਨੂੰ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਮਹਾਂਮਾਰੀ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਦਾ ਸ਼ਿਕਾਰ ਨਾ ਹੋਣ ਇਸ ਤੋਂ ਇਲਾਵਾ ਕਰੋਨਾ ਤੋ ਸੁਰੱਖਿਆ ਦੀਆਂ ਸਾਵਧਾਨੀਆਂ ਦੀ ਪਾਲਣਾ ਕਰਨ ਜਿਸ ਵਿੱਚ ਮਾਸਕ ਪਾਉਣਾ, ਸਮਾਜਕ ਦੂਰੀ ਬਣਾਈ ਰੱਖਣਾ, ਹੱਥ ਧੋਣੇ ਅਤੇ ਹੋਰ ਸ਼ਾਮਲ ਹਨ।