ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 13 ਨਵੰਬਰ
ਮਿਊਂਸੀਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ’ਤੇ ਅੱਜ ਇਥੋਂ ਦੀ ਸਫ਼ਾਈ ਕਰਮਚਾਰੀ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਮੁਜ਼ਾਹਰਾ ਕੀਤਾ। ਪ੍ਰਧਾਨ ਅਰੁਣ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਲਈ ਕੋਈ ਹਾਂ-ਪੱਖੀ ਹੁੰਗਾਰਾ ਨਾ ਦੇਣ ਦੇ ਵਿਰੋਧ ਵਿੱਚ ਅੱਜ ਇਹ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ ਨਹੀਂ ਤਾਂ ਇਹ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਥੇ ਸਮੂਹ ਸਫਾਈ ਸੇਵਕਾਂ, ਸੀਵਰਮੈਨਾਂ ਤੇ ਸਮੂਹ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ, ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਈਓ ਰਾਹੀਂ ਪੰਜਾਬ ਸਰਕਾਰ ਨੂੰ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਵੀ ਭੇਜਿਆ ਗਿਆ। ਇਸ ਰੋਸ ਪ੍ਰਦਰਸ਼ਨ ‘ਚ ਸਫਾਈ ਸੇਵਕ ਯੂਨੀਅਨ ਦੇ ਵਾਈਸ ਪ੍ਰਧਾਨ ਸਨੀ ਸੁੰਦਰ, ਸੈਕਟਰੀ ਰਜਿੰਦਰ ਕੁਮਾਰ, ਵਾਟਰ ਸਪਲਾਈ ਸੀਵਰੇਜ ਦੇ ਪ੍ਰਧਾਨ ਸ਼ਾਮ ਲਾਲ ਚਿੰਡਾਲੀਆ, ਲਖਵੀਰ ਸਿੰਘ ਨਿੰਕਾ, ਕਲੈਰੀਕਲ ਸਟਾਫ ਦੇ ਪ੍ਰਧਾਨ ਅਮਰਪਾਲ ਸਿੰਘ, ਕਲਰਕ ਨਵਜੀਤ ਕੌਰ, ਗਗਨ ਖੁੱਲਰ, ਵਿਸ਼ਾਲ ਟੰਡਨ, ਹਰੀਸ਼ ਕੁਮਾਰ, ਤਾਰਕ ਅਤੇ ਸਮੂਹ ਸਟਾਫ ਸ਼ਾਮਲ ਸੀ।