ਪੱਤਰ ਪ੍ਰੇਰਕ
ਜਗਰਾਉਂ, 24 ਜਨਵਰੀ
ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਵਫਾ ਕਰੇਗੀ, ਪਿੰਡਾਂ ਸ਼ਹਿਰਾਂ ਦੀ ਨੁਹਾਰ ਬਦਲਣ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਗੱਫੇ ਤਕਸੀਮ ਕੀਤੇ ਜਾਣਗੇ। ਇਹ ਪ੍ਰਗਟਾਵਾ ਸਾਬਕਾ ਮੰਤਰੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮਲਕੀਤ ਸਿੰਘ ਦਾਖਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ ਨੇ ਪਿੰਡ ਕਾਉਂਕੇ ਕਲਾਂ ਵਿੱਚ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੰਡਣ ਲਈ ਰੱਖੇ ਸਮਾਗਮ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਹਲਕਾ ਪੱਧਰੀ ਸਮਾਗਮ ਦੌਰਾਨ 31 ਪਿੰਡਾਂ ਨੂੰ ਸਰਕਾਰ ਵੱਲੋਂ ਜਾਰੀ 8 ਕਰੋੜ ਰੁਪਏ ਦਿੱਤੇ ਗਏ ਹਨ, ਆਉਂਦੇ ਦਿਨਾਂ ਦੌਰਾਨ ਹੋਰ ਵੀ ਗ੍ਰਾਂਟਾਂ ਦੀ ਵੰਡ ਕੀਤੀ ਜਾਵੇਗੀ। ਸਮਾਗਮ ਨੂੰ ਬਲਾਕ ਪ੍ਰਧਾਨ ਜਗਜੀਤ ਕਾਉਂਕੇ, ਬਲਾਕ ਸੰਮਤੀ ਚੇਅਰਮੈਨ ਬਲਵਿੰਦਰ ਕੌਰ ਹਠੂਰ, ਜਗਦੀਸ਼ਰ ਡਾਂਗੀਆਂ ਤੇ ਦਰਸ਼ਨ ਸਿੰਘ ਲੱਖਾ ਨੇ ਵੀ ਸੰਬੋਧਨ ਕੀਤਾ।
ਮਾਛੀਵਾੜਾ (ਗੁਰਦੀਪ ਸਿੰਘ ਟੱਕਰ): ਪਿੰਡਾਂ ’ਚ ਵਿਕਾਸ ਕਾਰਜ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਭੇਜੇ ਗਏ 14ਵੇਂ ਵਿੱਤ ਕਮਿਸ਼ਨ ਤਹਿਤ ਹਲਕਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਵੱਲੋਂ 116 ਪਿੰਡਾਂ ਦੀਆਂ ਪੰਚਾਇਤਾਂ ਨੂੰ 7 ਕਰੋੜ 8 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡੇ ਗਏ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਕਿਹਾ ਕਿ ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਅਤੇ ਬਿਨਾਂ ਕਿਸੇ ਪੱਖਪਾਤ ਤੋਂ ਸੁਚੱਜੇ ਢੰਗ ਨਾਲ ਪਿੰਡਾਂ ਦਾ ਵਿਕਾਸ ਕਰਵਾਉਣ। ਕਾਂਗਰਸੀ ਆਗੂ ਕਰਨਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮਾਛੀਵਾੜਾ ਬਲਾਕ ’ਚ ਗ੍ਰਾਂਟਾ ਦੇ ਚੈੱਕ ਵੰਡਣ ਲਈ ਪਿੰਡਾਂ ਨੂੰ ਵੱਖ-ਵੱਖ ਜ਼ੋਨਾਂ ਵਿਚ ਵੰਡਿਆ ਗਿਆ ਹੈ, ਜਿਸ ਵਿਚ ਤੱਖਰਾਂ, ਮਾਣੇਵਾਲ, ਪੰਜਗਰਾਈਆਂ, ਮਾਛੀਵਾੜਾ ਖਾਮ, ਮਾਣੇਵਾਲ, ਜਾਤੀਵਾਲ, ਹਿਯਾਤਪੁਰ ਤੇ ਗੜ੍ਹੀ ਤਰਖਾਣਾ ਸ਼ਾਮਲ ਹਨ।
ਵਿਧਾਇਕ ਬੈਂਸ ਵੱਲੋਂ ਵਿਕਾਸ ਕਾਰਜਾਂ ਦੀ ਸ਼ੁਰੂਆਤ
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 47 ਦੇ ਇਲਾਕੇ ਜੰਮੂ ਕਲੋਨੀ, ਆਜ਼ਾਦ ਨਗਰ ਅਤੇ ਬਸਤੀ ਅਬਦੁੱਲਾ ਪੁਰ ਵਿੱਚ 64. 95 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦਾ ਟੱਕ ਲਾ ਕੇ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਵਿਧਾਇਕ ਬੈਂਸ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਗਰਾਂਟਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪੱਧਰ ’ਤੇ ਕੰਮ ਮੁਕੰਮਲ ਕਰ ਕੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕੀਤੀਆਂ ਜਾਣਗੀਆਂ।