ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਸਤੰਬਰ
ਜ਼ਿਲ੍ਹੇ ਦੀ 80 ਫ਼ੀਸਦ ਅਬਾਦੀ ਨੂੰ ਜੀਵਨ ਰੱਖਿਅਕ ਵੈਕਸੀਨ ਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 7 ਲੱਖ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਇਹ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਅੱਜ ਇੱਥੇ ਦਿੱਤੀ। ਸ੍ਰੀ ਪੰਚਾਲ ਨੇ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਤਹਿਤ 28 ਲੱਖ ਯੋਗ ਵਿਅਕਤੀ ਕਵਰ ਕੀਤੇ ਗਏ ਹਨ। ਇਨ੍ਹਾਂ ਵਿੱਚੋਂ 20 ਲੱਖ ਸਾਰੀਆਂ ਸ਼੍ਰੇਣੀਆਂ ਦੇ ਯੋਗ ਵਿਅਕਤੀ ਉਹ ਹਨ ਜਿਨ੍ਹਾਂ ਨੂੰ ਪਹਿਲਾ ਟੀਕਾ ਲੱਗ ਚੁੱਕਿਆ ਹੈ ਜਦਕਿ 7 ਲੱਖ ਲਾਭਪਾਤਰੀਆਂ ਨੇ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਲਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਹੁਣ ਤੱਕ ਦੀ ਸਭ ਤੋਂ ਤੇਜ਼ ਟੀਕਾਕਰਨ ਮੁਹਿੰਮ ਹੈ। ਉਨ੍ਹਾਂ ਨੇ ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਕਿਰਨ ਗਿੱਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।