ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 26 ਨਵੰਬਰ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਨੀਲੋਂ ਪੁੱਲ ਉਪਰ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਲੱਖਾਂ ਕਿਸਾਨ ਹਜ਼ਾਰਾਂ ਟ੍ਰੈਕਟਰ-ਟਰਾਲੀਆਂ ਸਮੇਤ ਦਿੱਲੀ ਵੱਲ ਕੂਚ ਕਰ ਰਹੇ ਹਨ। ਉਨ੍ਹਾਂ ਕੇਂਦਰ ਤੇ ਹਰਿਆਣਾ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਪੰਜਾਬੀਆਂ ਨਾਲ ਮਾੜਾ ਵਰਤਾਅ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਹਾਈਵੇ ’ਤੇ ਹੀ ਲੁਧਿਆਣਾ, ਨਵਾਂਸ਼ਹਿਰ, ਜਲੰਧਰ, ਮੁਹਾਲੀ, ਰੋਪੜ, ਫਤਿਹਗੜ੍ਹ ਸਾਹਿਬ ਆਦਿ ਜ਼ਿਲ੍ਹਿਆਂ ਦੇ ਕਿਸਾਨ ਵੀ ਜਾਣਗੇ। ਇਸ ਮੌਕੇ ਪਰਮਿੰਦਰ ਸਿੰਘ ਪਾਲਮਾਜਰਾ, ਅਵਤਾਰ ਸਿੰਘ ਮੇਹਲੋਂ, ਨਛੱਤਰ ਸਿੰਘ ਬੈਦਵਾਨ, ਗੁਰਵਿੰਦਰ ਸਿੰਘ ਕੂੰਮ ਕਲਾਂ, ਹਰਮਿੰਦਰ ਸਿੰਘ ਖਹਿਰਾ ਮੌਜੂਦ ਸਨ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਸਾਂਝਾ ਕਿਸਾਨ ਮੋਰਚਾ ‘ਚੱਲੋ ਦਿੱਲੀ’ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਗਵਾਈ ਹੇਠਾਂ ਇਥੋਂ ਦੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਤੋਂ ਵਿਸ਼ਾਲ ਕਾਫ਼ਲੇ ਦੇ ਰੂਪ ਵਿਚ ਟਰੈਕਟਰ ਟਰਾਲੀਆਂ ਅਤੇ ਹੋਰ ਵਹੀਕਲਾਂ ਤੇ ਇੱਕਠੇ ਹੋ ਕੇ ਕਿਸਾਨਾਂ ਨੇ ਸੰਭੂ ਬਾਰਡਰ ਵੱਲ ਚਾਲੇ ਪਾਏ। ਇਸ ਮੌਕੇ ਬੋਲਦਿਆਂ ਰਾਜਿੰਦਰ ਸਿੰਘ ਕੋਟ ਪਨੈਚ ਅਤੇ ਪ੍ਰਗਟ ਸਿੰਘ ਨੇ ਕਿਹਾ ਕਿ ਸਮੂਹ ਕਿਸਾਨ ਵੀਰ ਆਪਣੇ ਨਾਲ ਮਹੀਨਿਆਂ ਦਾ ਰਸਦ ਲੈ ਕੇ ਜਾ ਰਹੇ ਹਨ ਅਤੇ ਜਦੋਂ ਤੱਕ ਕਿਸਾਨ ਜੱਥੇਬੰਦੀਆਂ ਕਹਿਣਗੀਆ ਉਹ ਦਿਨ ਰਾਤ ਸ਼ਾਂਤਮਈ ਢੰਗ ਨਾਲ ਧਰਨਾ ਦਿੰਦੇ ਰਹਿਣਗੇ। ਇਸ ਮੌਕੇ ਸਤਿੰਦਰ ਸਿੰਘ ਰੁਪਾਲੋਂ, ਗੁਰਦੀਪ ਸਿੰਘ, ਹਰਪਾਲ ਸਿੰਘ , ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਹਰਨਾਮਪੁਰਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਦਿੱਲੀ ਘੇਰਨ ਦੇ ਸੱਦੇ ਤਹਿਤ ਅੱਜ ਇੱਥੋਂ ਕਿਸਾਨ ਦਿੱਲੀ ਵੱਲ ਨੂੰ ਆਪਣੀਆਂ ਟਰੈਕਟਰ ਟਰਾਲੀਆਂ ’ਤੇ ਰਵਾਨਾ ਹੋਏ । ਦਿੱਲੀ ਨੂੰ ਰਵਾਨਾ ਹੋਣ ਤੋਂ ਪਹਿਲਾਂ ਸਥਾਨਕ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਗੁਰਪ੍ਰੀਤ ਸਿੰਘ ਸੇਖੋਂ ਅਤੇ ਮਾਸਟਰ ਚਰਨ ਸਿੰਘ ਨੂਰਪੁਰਾ ਨੇ ਦੱਸਿਆ ਕਿ ਬੀਕੇਯੂ (ਏਕਤਾ) ਉਗਰਾਹਾਂ ਦੀ ਪਿੰਡ ਨੂਰਪੁਰਾ ਇਕਾਈ ਵਲੋਂ ਪੰਜ ਟ੍ਰੈਕਟਰ ਟਰਾਲੀਆਂ ਦੇ ਕਾਫ਼ਿਲੇ ਨਾਲ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਪਿੰਡ ਜਲਾਲਦੀਵਾਲ ਤੋਂ ਵੀ ਕਿਸਾਨਾਂ ਦਾ ਇੱਕ ਵੱਡਾ ਜੱਥਾ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪਿੰਡ ਇਕਾਈ ਦੇ ਪ੍ਰਧਾਨ ਦਰਸ਼ਨ ਸਿੰਘ ਢਿੱਲੋਂ ਦੀ ਅਗਵਾਈ ਹੇਠ ਦੋ ਟਰੈਕਟਰ-ਟਰਾਲੀਆਂ ਦਿੱਲੀ ਲਈ ਰਵਾਨਾ ਹੋਇਆ।
ਪਿੰਡ ਅੱਚਰਵਾਲ ਵਿੱਚ ਖੱਟਰ ਸਰਕਾਰ ਦੀ ਅਰਥੀ ਫੂਕੀ
ਰਾਏਕੋਟ (ਪੱਤਰ ਪ੍ਰੇਰਕ): ਨੇੜਲੇ ਪਿੰਡ ਅੱਚਰਵਾਲ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਹਰਿਆਣਾ ਦੀ ਖੱਟਰ ਸਰਕਾਰ ਦੀ ਅਰਥੀ ਫੂਕੀ ਗਈ। ਮਾਸਟਰ ਤਾਰਾ ਸਿੰਘ ਅੱਚਰਵਾਲ ਦੀ ਅਗਵਾਈ ਵਿੱਚ ਕਿਸਾਨਾਂ ਨੇ ਖੱਟਰ ਸਰਕਾਰ ਵੱਲੋਂ ਦਿੱਲੀ ਨੂੰ ਘੇਰਨ ਜਾ ਰਹੇ ਕਿਸਾਨਾਂ ਦਾ ਰਾਹ ਰੋਕਣ ਲਈ ਡਾਹੇ ਅੜਿੱਕਿਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ। ਕਿਸਾਨਾਂ ਨੇ ਇਸ ਮੌਕੇ ਗ੍ਰਿਫ਼ਤਾਰ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਪਿੰਡ ਦੀ ਸੱਥ ਵਿਚ ਔਰਤਾਂ ਦੀ ਅਗਵਾਈ ਵਿੱਚ ਅਰਥੀ ਫੂਕ ਮੁਜ਼ਾਹਰਾ ਕਰਕੇ ਹਰਿਆਣਾ ਦੀ ਭਾਜਪਾ ਸਰਕਾਰ ਦਾ ਸਿਆਪਾ ਕੀਤਾ ਗਿਆ।