ਸੰਤੋਖ ਗਿੱਲ
ਮੁੱਲਾਂਪੁਰ ਦਾਖਾ, 12 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਲੁਧਿਆਣਾ ਦੇ ਬਲਾਕ ਰਾਏਕੋਟ, ਸੁਧਾਰ ਅਤੇ ਸਿੱਧਵਾਂ ਬੇਟ ਦੇ ਕਿਸਾਨ ਆਗੂਆਂ ਦੀ ਮੀਟਿੰਗ ਪਿੰਡ ਦਾਖਾ ਵਿੱਚ ਹੋਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਜ਼ਿਲ੍ਹਾ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਰਾਏਕੋਟ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਨੂੰ ਹਕੀਕੀ ਰੂਪ ਵਿੱਚ ਸਮਝਣ ਅਤੇ ਸਾਮਰਾਜ ਵਿਰੋਧੀ ਚੇਤਨਾ ਰੈਲੀ ਵਿੱਚ ਭਾਗ ਲੈਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਸਾਮਰਾਜੀ ਤਾਕਤਾਂ ਵੱਲੋਂ ਆਜ਼ਾਦੀ ਦੇ ਪਰਵਾਨਿਆਂ ਦੀ ਮਹਾਨ ਸ਼ਹਾਦਤ ਉੱਪਰ ਉਂਗਲ ਉਠਾਉਣ ਵਾਲਿਆਂ ਨੂੰ ਲੋਕਾਂ ਦੀ ਕਚਹਿਰੀ ਵਿਚ ਢੁੱਕਵਾਂ ਉੱਤਰ ਦਿੱਤਾ ਜਾਵੇਗਾ।
ਬਲਾਕ ਸੁਧਾਰ ਦੇ ਪ੍ਰਧਾਨ ਮਨਜੀਤ ਸਿੰਘ ਬੁਢੇਲ, ਸਿੱਧਵਾਂ ਬੇਟ ਬਲਾਕ ਪ੍ਰਧਾਨ ਰਾਮਸ਼ਰਨ ਸਿੰਘ ਰਸੂਲਪੁਰ, ਰਣਜੀਤ ਕੌਰ ਦਾਖਾ ਅਤੇ ਹਰਜੀਤ ਕੌਰ ਦਾਖਾ ਅਨੁਸਾਰ ਜਥੇਬੰਦੀ ਵੱਲੋਂ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਬਰਨਾਲਾ ਦੀ ਦਾਣਾ ਮੰਡੀ ’ਚ ਸੂਬਾ ਪੱਧਰੀ ਸਾਮਰਾਜ ਵਿਰੋਧੀ ਚੇਤਨਾ ਰੈਲੀ ਵਿੱਚ ਸ਼ਮੂਲੀਅਤ ਲਈ ਪਿੰਡਾਂ ਵਿਚ ਸਿਲਸਿਲੇਵਾਰ ਵਿਉਂਤਬੰਦੀ ਕੀਤੀ ਜਾ ਰਹੀ ਹੈ।
ਮਜ਼ਦੂਰ-ਨੌਜਵਾਨ ਜਥੇਬੰਦੀਆਂ ਵੱਲੋਂ ਮੀਟਿੰਗ
ਲੁਧਿਆਣਾ (ਗੁਰਿੰਦਰ ਸਿੰਘ): ਮਜ਼ਦੂਰ-ਨੌਜਵਾਨ ਜਥੇਬੰਦੀਆਂ ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀ ਮੀਟਿੰਗ ਹੋਈ, ਜਿਸ ਵਿੱਚ ਸ਼ਹੀਦ-ਏ ਆਜ਼ਮ ਭਗਤ ਸਿੰਘ ਦਾ 115ਵਾਂ ਜਨਮ ਦਿਨ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ।
ਜਥੇਬੰਦੀ ਦੇ ਜਨਰਲ ਸਕੱਤਰ ਜਗਦੀਸ਼ ਸਿੰਘ ਨੇ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸ਼ਹੀਦਾਂ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਲਈ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਤਹਿਤ ਪਿੰਡਾਂ ਅਤੇ ਸ਼ਹਿਰੀ ਮਜ਼ਦੂਰ ਆਬਾਦੀ ਦੇ ਇਲਾਕਿਆਂ ’ਚ ਇਨਕਲਾਬੀ ਗੀਤਾਂ ਅਤੇ ਨਾਟਕਾਂ ਦੇ ਪ੍ਰੋਗਰਾਮ ਕੀਤੇ ਜਾਣਗੇ।
ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ
ਪਾਇਲ (ਦੇਵਿੰਦਰ ਸਿੰਘ ਜੱਗੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਮਲੌਦ ਦੇ ਪਿੰਡਾਂ ਵਿੱਚ ਸ਼ਹੀਦ-ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਬਰਨਾਲਾ ਵਿੱਚ ਹੋ ਰਹੀ ਸਾਮਰਾਜ ਵਿਰੋਧੀ ਚੇਤਨਾ ਕਾਨਫਰੰਸ ਸਬੰਧੀ ਪਿੰਡ ਜੀਰਖ, ਲਹਿਲ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਭਾਕਿਯੂ ਏਕਤਾ ਉਗਰਾਹਾਂ ਦੇ ਆਗੂਆਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਬਰਨਾਲਾ ਕਾਨਫਰੰਸ ਪਹੁੰਚਣ ਦੀ ਅਪੀਲ ਕੀਤੀ।