ਖੇਤਰੀ ਪ੍ਰਤੀਨਿਧ
ਲੁਧਿਆਣਾ, 9 ਜੁਲਾਈ
ਪੀਏਯੂ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੂੰ ਸੇਵਾਮੁਕਤੀ ’ਤੇ ਭਾਵ ਭਿੰਨੀ ਵਿਦਾਇਗੀ ਦਿੱਤੀ ਗਈ। ਪਦਮਸ਼੍ਰੀ ਡਾ. ਢਿੱਲੋਂ 10 ਸਾਲ ਤੱਕ ਇਸ ਯੂਨੀਵਰਸਿਟੀ ਵਿੱਚ ਸੇਵਾਵਾਂ ਨਿਭਾਉਂਦੇ ਰਹੇ ਅਤੇ ਇਸ ਯੂਨੀਵਰਸਿਟੀ ਨੂੰ ਬੁਲੰਦੀਆਂ ਤੱਕ ਪਹੁੰਚਾਇਆ। ਇਸ ਸਬੰਧੀ ਕਰਵਾਏ ਸਮਾਗਮ ਵਿੱਚ ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਰਾਜਿੰਦਰ ਸਿੰਘ ਸਿੱਧੂ, ਨਿਰਦੇਸ਼ਕ ਖੋਜ ਡਾ. ਨਵਤੇਜ ਸਿੰਘ ਬੈਂਸ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਅਤੇ ਹੋਰ ਅਧਿਕਾਰੀ ਸ਼ਾਮਲ ਹੋਏ। ਤਿਵਾੜੀ ਨੇ ਕਿਹਾ ਕਿ ਵਿਗਿਆਨ ਦੇ ਖੇਤਰ ਵਿੱਚ ਡਾ. ਢਿੱਲੋਂ ਦਾ ਬਹੁਤ ਉੱਚਾ ਨਾਮ ਹੈ। ਜ਼ਿਕਰਯੋਗ ਹੈ ਕਿ ਮੱਕੀ ਦੇ ਖੇਤਰ ਵਿੱਚ ਡਾ. ਢਿੱਲੋਂ ਨੇ ਹੁਣ ਤੱਕ 16 ਕਿਸਮਾਂ ਵਿਕਸਿਤ ਕੀਤੀਆਂ ਹਨ। ਉਨ੍ਹਾਂ ਦੀ ਸਰਪ੍ਰਸਤੀ ਹੇਠ ਯੂਨੀਵਰਸਿਟੀ ਨੇ ਖੋਜ, ਪਸਾਰ ਅਤੇ ਸਿੱਖਿਆ ਦੇ ਖੇਤਰ ਵਿੱਚ ਅਨੇਕਾਂ ਮੱਲਾਂ ਮਾਰੀਆਂ, ਜਿਸ ਸਦਕਾ ਹੀ ਇਸ ਯੂਨੀਵਰਸਿਟੀ ਨੂੰ ਸਾਲ-2012 ਅਤੇ 2017 ਦੇ ਵਿੱਚ ਪਰਿਸ਼ਦ ਵੱਲੋਂ ਸਰਦਾਰ ਪਟੇਲ ਐਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ। ਪਦਮਸ਼੍ਰੀ ਡਾ. ਢਿੱਲੋਂ ਨੂੰ ਅਨੇਕਾਂ ਵੱਕਾਰੀ ਪੁਰਸਕਾਰ ਪ੍ਰਾਪਤ ਹੋ ਚੁੱਕੇ ਹਨ।