ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਰਕਾਰ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਦੌਰਾਨ ਅੱਜ ਕਿਸਾਨੀ ਜਥਿਆਂ ਨੇ ਦਰਜਨਾਂ ਪਿੰਡਾਂ ਵਿੱਚ ਮੋਦੀ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਮੁਜ਼ਾਹਰੇ ਕੀਤੇ। ਇਸ ਦੌਰਾਨ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਦਿੱਤੇ ਜਾ ਰਹੇ ਲਗਾਤਾਰ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕਿਸਾਨ ਆਗੂਆਂ ਚਰਨ ਸਿੰਘ ਨੂਰਪੁਰਾ, ਕੁਲਦੀਪ ਸਿੰਘਗੁਜਰਵਾਲ ਅਤੇ ਸੁਦਾਗਰ ਸਿੰਘ ਘੁਡਾਣੀ ਨੇ ਦੱਸਿਆ ਕਿ ਮੋਦੀ ਸਰਕਾਰ ਦੀਆਂ ਅਰਥੀਆਂ ਫੂਕਣ ਦਾ ਮੁੱਖ ਕਾਰਨ ਮੋਦੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਸਮੇਂ ਕੀਤੇ ਵਾਅਦੇ ਐੱਮਐੱਸਪੀ ’ਤੇ ਕਮੇਟੀ ਬਣਾਕੇ ਛੇਤੀ ਅਮਲ ਸ਼ੁਰੂ ਕਰਨਾ ਅਤੇ ਅੰਦੋਲਨਕਾਰੀ ਕਿਸਾਨਾਂ-ਮਜ਼ਦੂਰਾਂ ਅਤੇ ਨੌਜਵਾਨਾਂ ’ਤੇ ਦਰਜ ਪੁਲੀਸ ਕੇਸ ਵਾਪਸ ਲੈਣ ਦੇ ਕੀਤੇ ਫ਼ੈਸਲੇ ਤੋਂ ਪਿੱਛੇ ਹਟਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕੀਤੀਆਂ ਗਈਆਂ, ਕੀਤੇ ਚੋਣ ਵਾਅਦੇ ਕਰਜ਼ਾ ਮੁਕਤੀ, ਨਸ਼ਿਆਂ ਦਾ ਖਾਤਮਾ, ਘਰ-ਘਰ ਰੁਜ਼ਗਾਰ ਵਰਗੇ ਮੁੱਦਿਆਂ ਨੂੰ ਵਿਸਾਰਕੇ ਰੱਖ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਰੋਸ ਧਰਨੇ ਅਤੇ ਰੈਲੀਆਂ ਦਾ ਸਿਲਸਿਲਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮਸਲਿਆਂ ਦਾ ਹੱਲ ਨਹੀਂ ਕੱਢਿਆ ਜਾਂਦਾ। ਰੈਲੀ ਦੌਰਾਨ ਪਰਮਵੀਰ ਘਲੋਟੀ, ਮਾਸਟਰ ਰਾਜਿੰਦਰ ਸਿੰਘ, ਸੁਖਪ੍ਰੀਤ ਸਿੰਘ ਮਾਜਰੀ, ਤੀਰਥ ਸਿੰਘ, ਕਸਤੂਰੀ ਲਾਲ, ਗੁਰਪ੍ਰੀਤ ਸਿੰਘ ਨੂਰਪੁਰਾ, ਯੁਵਰਾਜ ਘੁਡਾਣੀ, ਦਵਿਦਰ ਸਿੰਘ ਅਤੇ ਮੇਜਰ ਸਿੰਘ ਨੇ ਸੰਬੋਧਨ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਪਰੋਕਤ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਕਿਸਾਨਾਂ ਦੇ ਗੁੱਸੇ ਅਤੇ ਸੰਘਰਸ਼ ਦਾ ਸੇਕ ਝੱਲਣ ਲਈ ਤਿਆਰ ਰਹਿਣ।