ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 26 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਕਿਸਾਨ ਸੰਘਰਸ਼ ਦੇ ਗਿਆਰਾਂ ਮਹੀਨੇ ਪੂਰੇ ਹੋਣ ’ਤੇ ਅੱਜ ਕੌਮੀ ਸ਼ਾਹਰਾਹ ’ਤੇ ਰੋਸ ਮਾਰਚ ਕੀਤਾ ਗਿਆ। ਮੋਦੀ ਸਰਕਾਰ ਦੀ ਅਰਥੀ ਮੋਢਿਆਂ ’ਤੇ ਚੁੱਕ ਕੇ ਨਾਅਰੇਬਾਜ਼ੀ ਕਰਦੇ ਕਿਸਾਨ ਮਰਦ ਔਰਤਾਂ ਐੱਸਡੀਐੱਮ ਦਫ਼ਤਰ ਪੁੱਜੇ। ਇਥੇ ਮੁਜ਼ਾਹਰਾ ਕਰਨ ਤੋਂ ਬਾਅਦ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਸਮੇਤ ਹੋਰ ਕਿਸਾਨ ਮੰਗਾਂ ਮੰਨਣ ’ਤੇ ਜ਼ੋਰ ਦਿੱਤਾ ਗਿਆ। ਮੁਜ਼ਾਹਰੇ ’ਚ ਬੀਕੇਯੂ ਏਕਤਾ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ ਪੰਜਾਬ, ਬੀਕੇਯੂ (ਲੱਖੋਵਾਲ), ਜਮਹੂਰੀ ਕਿਸਾਨ ਸਭਾ ਅਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਹਿੱਸਾ ਲਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਹਰਦੇਵ ਸਿੰਘ ਸੰਧੂ, ਗੁਰਪ੍ਰੀਤ ਸਿੰਘ ਸਿੱਧਵਾਂ, ਜੋਗਿੰਦਰ ਸਿੰਘ ਬੁਜਗਰ, ਬਲਰਾਜ ਸਿੰਘ ਕੋਟਉਮਰਾ, ਅਵਤਾਰ ਸਿੰਘ ਰਸੂਲਪੁਰ, ਮਦਨ ਸਿੰਘ ਕੰਵਲਜੀਤ ਖੰਨਾ, ਇੰਦਰਜੀਤ ਧਾਲੀਵਾਲ ਨੇ ਕਿਹਾ ਕਿ ਤਿੰਨ ਹਫਤੇ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਲਖੀਮਪੁਰ ਖੀਰੀ ਦੇ ਮੁੱਖ ਦੋਸ਼ੀ ਦੇ ਪਿਤਾ ਕੇਂਦਰੀ ਮੰਤਰੀ ਨੂੰ ਮੰਤਰੀ ਮੰਡਲ ’ਚੋਂ ਬਰਖਾਸਤ ਨਾ ਕਰਨਾ ਦਰਸਾਉਂਦਾ ਹੈ ਕਿ ਮੋਦੀ ਹਕੂਮਤ ਸਿਰੇ ਦੀ ਨੈਤਿਕ ਗਿਰਾਵਟ ਦਾ ਸ਼ਿਕਾਰ ਹੈ। ਦੋਸ਼ੀਆਂ ਨੂੰ ਯੂਪੀ ਪੁਲੀਸ ਵੱਲੋਂ ਮਹਿਮਾਨਾਂ ਵਾਂਗ ਨਿਵਾਜਿਆ ਜਾ ਰਿਹਾ ਹੈ। ਬੁਲਾਰਿਆਂ ਨੇ ਇਸ ਮੰਗ ਦਾ ਮੰਗ-ਪਤਰ ਰਾਸ਼ਟਰਪਤੀ ਨੂੰ ਭੇਜਿਆ। ਇਕ ਮੰਗ-ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਦਿਆਂ ਝੋਨੇ ਦੇ ਖਰਾਬੇ ਦੀ ਗਿਰਦਾਵਰੀ ਤੁਰੰਤ ਕਰਵਾਕੇ ਮੁਆਵਜ਼ਾ ਜਲਦ ਦੇਣ, ਮਾਲਵੇ ਦੀ ਨਰਮਾ ਬੈਲਟ ’ਚ ਨਰਮੇ ਦੇ ਗੁਲਾਬੀ ਸੁੰਡੀ ਦੇ ਨੁਕਸਾਨ ਦਾ ਮੁਆਵਜ਼ਾ ਦੇਣ, ਪੇਂਡੂ ਸਹਿਕਾਰੀ ਸੁਸਾਇਟੀਆਂ ’ਚ ਡੀਏਪੀ ਦੀ ਸਪਲਾਈ ਤੁਰੰਤ ਪੂਰੀ ਕਰਨ, ਅਨਾਜ ਮੰਡੀਆਂ ’ਚ ਨਮੀ ਦੇ ਨਾਂ ’ਤੇ ਕਿਸਾਨਾਂ ਦੀ ਖੱਜਲ ਖੁਆਰੀ ਬੰਦ ਕਰਨ, ਡੀਏਪੀ ਦੀ ਬਲੈਕ ਬੰਦ ਕਰਨ ਦੀ ਮੰਗ ਕੀਤੀ। ਪਿੰਡ ਧਨੌਲਾ ਵਿੱਚ ਹਰਜੀਤ ਸਿੰਘ ਗਰੇਵਾਲ ਦੀ ਜ਼ਮੀਨ ਵਾਹੁਣ ਦੀ ਆੜ ’ਚ ਪਰਚੇ ਦਰਜ ਰੱਦ ਕਰਨ ਦੀ ਵੀ ਮੰਗ ਕੀਤੀ ਗਈ। ਇਸੇ ਤਰ੍ਹਾਂ ਚੌਕੀਮਾਨ ਟੌਲ ’ਤੇ ਵੀ ਮੋਰਚੇ ਦੇ ਗਿਆਰਾਂ ਮਹੀਨੇ ਪੂਰੇ ਹੋਣ ’ਤੇ ਧਰਨਾ ਦਿੱਤਾ ਗਿਆ।
ਕੇਂਦਰ ਸਰਕਾਰ ’ਤੇ ਕਿਸਾਨਾਂ ਦੀ ਗੱਲ ਨਾ ਸੁਣਨ ਦਾ ਦੋਸ਼
ਗੁਰੂਸਰ ਸੁਧਾਰ (ਸੰਤੋਖ ਗਿੱਲ): ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਜਗਤਾਰ ਸਿੰਘ ਚਕੋਹੀ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਨੇ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੀ ਅਰਥੀ ਫੂਕਣ ਮੌਕੇ ਕਿਹਾ ਕਿਦਿੱਲੀ ਦੀਆਂ ਸਰਹੱਦਾਂ ਉੱਪਰ ਕਿਸਾਨ ਅੰਦੋਲਨ ਚਲਦਿਆਂ 11 ਮਹੀਨੇ ਪੂਰੇ ਹੋ ਗਏ ਹਨ ਅਤੇ ਅੰਦੋਲਨਕਾਰੀਆਂ ਨੇ ਸਰਕਾਰੀ ਜਬਰ ਅਤੇ ਕੁਦਰਤੀ ਆਫ਼ਤਾਂ ਦਾ ਵੀ ਮੁਕਾਬਲਾ ਕੀਤਾ ਹੈ, ਪਰ ਹੌਸਲਾ ਨਹੀਂ ਹਾਰਿਆ। ਲੜੀਵਾਰ ਧਰਨੇ ਦੀ ਪ੍ਰਧਾਨਗੀ ਪਰਮਜੀਤ ਕੌਰ ਜੜਤੌਲੀ ਨੇ ਕੀਤੀ। ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਅਧੀਨ ਅੰਦੋਲਨਕਾਰੀਆਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉੱਧਰ ਲੁਧਿਆਣਾ-ਬਠਿੰਡਾ ਰਾਜ ਮਾਰਗ ਦੇ ਹਿੱਸੋਵਾਲ-ਰਕਬਾ ਟੌਲ ਪਲਾਜ਼ਾ ਉੱਪਰ ਵੀ ਕਿਸਾਨ ਮਜ਼ਦੂਰ ਜਥੇਬੰਦੀਆਂ ਦਾ ਧਰਨਾ ਜਾਰੀ ਰਿਹਾ।