ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਫ਼ੈਸਲਾ ਕੀਤਾ ਹੈ ਕਿ ਜਿੰਨੀ ਦੇਰ ਤੱਕ ਸਰਕਾਰ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕਰਦੀ ਅਤੇ ਕੀਤੇ ਚੋਣ ਵਾਅਦੇ ਪੂਰੇ ਨਹੀਂ ਕਰਦੀ ਕਿਸਾਨਾਂ ਦਾ ਸੰਘਰਸ਼ ਦਾ ਜਾਰੀ ਰਹੇਗਾ। ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਦਿੱਤੇ ਜਾ ਰਹੇ ਧਰਨੇ ਦੌਰਾਨ ਅੱਜ ਐਤਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਕਿਸਾਨ ਧਰਨੇ ’ਤੇ ਡਟੇ ਹੋਏ ਸਨ। ਅੰਤਾਂ ਦੀ ਚੱਲਦੀ ਸੀਤ ਲਹਿਰ ਅਤੇ ਕੜਕਦੀ ਠੰਢ ਵਿੱਚ ਵੀ ਸਰਕਾਰੀ ਲਾਰਿਆਂ ਤੋਂ ਅੱਕੇ ਹੋਏ ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਨੌਜਵਾਨਾਂ ਨੇ ਰੈਲੀ ਕਰਕੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਉਹ ਮੰਗਾਂ ਮੰਨਣ ਦਾ ਐਲਾਨ ਕਰੇ ਨਹੀਂ ਤਾਂ ਕਿਸਾਨ ਜਥੇਬੰਦੀ ਦੇ ਅਗਲੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਇਸ ਮੌਕੇ ਚਰਨ ਸਿੰਘ, ਯੁਵਰਾਜ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਦੇਵਿੰਦਰ ਸਿੰਘ, ਰਾਜਿੰਦਰ ਸਿੰਘ ਅਤੇ ਜਗਮੀਤ ਸਿੰਘ ਨੇ ਵੀ ਸੰਬੋਧਨ ਕੀਤਾ।